ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਮਈ
ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਪਵਨ ਕੁਮਾਰ ਟੀਨੂ ਦੇ ਨਵੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਹ ਦਫਤਰ ਸ੍ਰੀ ਗੁਰੂ ਰਵੀਦਾਸ ਚੌਕ ਦੇ ਨੇੜੇ ਦੱਸਿਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ, ਸੀਨੀਅਰ ਆਗੂ ਗੁਰਚਰਨ ਸਿੰਘ ਚੰਨੀ ਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਵਨ ਟੀਨੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲਗਾਤਾਰ ਜਿੱਤ ਵੱਲ ਵਧਦੇ ਦੇਖ ਕੇ ਅੰਦਰਖਾਤੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਇਕਜੁੱਟ ਹੋ ਗਏ ਹਨ। ਪਵਨ ਟੀਨੂ ਨੇ ਵਿਰੋਧੀਆਂ ਵੱਲੋਂ ਨਸ਼ਿਆਂ ਸਬੰਧੀ ਕੀਤੀ ਬਿਆਨਬਾਜ਼ੀ ਦਾ ਨੋਟਿਸ ਲੈਂਦੇ ਹੋਏ ਕਿਹਾ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਫੜ ਕੇ ਨਸ਼ਿਆਂ ਨੂੰ ਪੰਜਾਬ ’ਚੋਂ ਚਾਰ ਹਫਤਿਆਂ ਵਿੱਚ ਖਤਮ ਕਰਨ ਦਾ ਦਾਅਵਾ ਕੀਤਾ ਸੀ ਉਦੋਂ ਚਰਨਜੀਤ ਸਿੰਘ ਚੰਨੀ ਵੀ ਉਸੇ ਮੰਚ ’ਤੇ ਸਨ। ਪਵਨ ਟੀਨੂ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਸਾਲ 2017 ਦੀਆਂ ਚੋਣਾਂ ਜਿੱਤਣ ਪਿਛੋਂ ਨਾ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਹੁੰਦਿਆਂ ਡੱਕਾ ਤੋੜਿਆ। ਪਵਨ ਕੁਮਾਰ ਟੀਨੂ ਨੇ ਦਾਅਵੇ ਨਾਲ ਕਿਹਾ ਕਿ ਨਸ਼ਿਆਂ ਵਿਰੁੱਧ ਅਤੇ ਭ੍ਰਿਸ਼ਟਾਚਾਰ ਦੇ ਵਿਰੁੱਧ ਸਖਤ ਕਾਰਵਾਈ ਤਾਂ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅੰਮ੍ਰਿਤਪਾਲ ਸਿੰਘ, ਸਟੀਫਨ ਕਲੇਰ ਜ਼ਿਲ੍ਹਾ ਪ੍ਰਧਾਨ ਦਿਹਾਤੀ, ਗੁਰਿੰਦਰ ਸਿੰਘ ਸ਼ੇਰਗਿੱਲ ਸਕੱਤਰ ਸ਼ਹਿਰੀ ਤੇ ਰਾਜਵਿੰਦਰ ਕੌਰ ਥਿਆੜਾ ਆਦਿ ਹਾਜ਼ਰ ਸਨ।