ਪੱਤਰ ਪ੍ਰੇਰਕ
ਜਲੰਧਰ, 23 ਜੂਨ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਅੱਜ ਇੱਥੇ ਮੀਟਿੰਗ ਕਰ ਕੇ ਐਲਾਨ ਕੀਤਾ ਹੈ ਕਿ ਮਜ਼ਦੂਰ ਮਸਲਿਆਂ ’ਤੇ ਪੰਜਾਬ ਪੱਧਰਾ ਸਾਂਝਾ ਸੰਘਰਸ਼ ਮਘਾਉਣ ਲਈ 20 ਜੁਲਾਈ ਨੂੰ ਸੰਗਰੂਰ ਅਤੇ 22 ਜੁਲਾਈ ਨੂੰ ਜਲੰਧਰ ’ਚ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ। ਇਨ੍ਹਾਂ ਕਨਵੈਨਸ਼ਨਾਂ ਵਿਚ ਪੰਜਾਬ ਪੱਧਰੇ ਸਾਂਝੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਅੱਜ ਇੱਥੇ ਸਥਾਨਕ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਦਫ਼ਤਰ ਵਿੱਚ ਸਾਂਝੇ ਮਜ਼ਦੂਰ ਮੋਰਚੇ ਦੀ ਮੀਟਿੰਗ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮਜ਼ਦੂਰ ਆਗੂਆਂ ਨੇ ਪੰਜਾਬ ਸਰਕਾਰ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਬੇਜ਼ਮੀਨੇ ਮਜ਼ਦੂਰਾਂ ਦੇ ਮਸਲਿਆਂ ਪ੍ਰਤੀ ਸਾਜ਼ਿਸ਼ੀ ਚੁੱਪ ਧਾਰੀ ਬੈਠੀ ਹੈ। ਮਜ਼ਦੂਰ ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਅੰਦਰ ਸੰਘਰਸ਼ਸ਼ੀਲ ਲੋਕਾਂ ਉਪਰ ਸਰਕਾਰ, ਪੁਲੀਸ ਰਾਹੀਂ ਜਬਰ ਕਰਕੇ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਮਸਲਿਆਂ ਦੇ ਨਾਲ ਨਾਲ ਸਰਕਾਰ ਦੇ ਇਸ ਜਾਬਰ ਰਵੱਈਏ ਖਿਲਾਫ਼ ਵੀ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਅੱਜ ਇਕ ਮਤੇ ਰਾਹੀਂ ਆਗੂਆਂ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਿਠੋਈ ਕਲਾਂ ਦੇ ਜ਼ਮੀਨੀ ਮਸਲੇ ’ਤੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਜ਼ਦੂਰਾਂ ਅਤੇ ਕਿਸਾਨਾਂ ਵਿਚ ਖੂਨੀ ਟਕਰਾਅ ਕਰਵਾ ਕੇ ਦੋਹਾਂ ਕਿਰਤੀ ਵਰਗਾਂ ਵਿਚ ਫੁੱਟ ਪਾਉਣ ਦਾ ਕੰਮ ਕਰ ਰਹੀ ਹੈ ਜਦ ਕਿ ਹੋਰਨਾਂ ਥਾਵਾਂ ’ਤੇ ਤੀਜੇ ਹਿੱਸੇ ਦੀ ਜ਼ਮੀਨ ਮੰਗਣ ’ਤੇ ਸਰਕਾਰ ਤੇ ਪ੍ਰਸ਼ਾਸਨ ਮਜ਼ਦੂਰਾਂ ਨੂੰ, ਔਰਤਾਂ ਸਮੇਤ ਜੇਲੀਂ ਡੱਕ ਰਿਹਾ ਹੈ। ਉਨ੍ਹਾਂ ਮਜ਼ਦੂਰਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਚਾਲਾਂ ਤੋਂ ਸੁਚੇਤ ਰਹਿਣ। ਇਕ ਹੋਰ ਮਤੇ ਰਾਹੀਂ ਉਹਨਾਂ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦਾ ਜ਼ੋਰਦਾਰ ਸਮਰਥਨ ਕਰਨ ਦਾ ਐਲਾਨ ਕੀਤਾ।
ਅੱਜ ਦੀ ਮੀਟਿੰਗ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੇਸ਼ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਆਗੂ ਗੁਰਬਿੰਦਰ ਸਿੰਘ ਅਤੇ ਸੀਨੀਅਰ ਆਗੂ ਗੁਰਨਾਮ ਸਿੰਘ ਦਾਊਦ, ਬਲਦੇਵ ਸਿੰਘ ਨੂਰਪੁਰੀ ਅਤੇ ਹਰਬੰਸ ਸਿੰਘ ਧੂਤ ਵੀ ਹਾਜ਼ਰ ਸਨ।