ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਮਾਰਚ
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਰਘਬੀਰ ਸਿੰਘ ਮਹਿਰਵਾਲ ਨੇ ਸਾਂਝੇ ਬਿਆਨ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਨੂੰ 80 ਫ਼ੀਸਦੀ ਸਬਸਿਡੀ ’ਤੇ ਸੋਲਰ ਮੋਟਰਾਂ ਦੇ ਕੁਨੈਕਸ਼ਨ ਦੇਵੇ। ਉਨ੍ਹਾਂ ਕਿਹਾ ਕਿ ਇਹ ਕੁਨੈਕਸ਼ਨ ਕੋਆਪਰੇਟਿਵ ਖੇਤੀਬਾੜੀ ਸੁਸਾਇਟੀਆ ਰਾਹੀਂ ਦਿੱਤੇ ਜਾਣ। ਇਸ ਤਰ੍ਹਾਂ ਕਰਨ ਨਾਲ ਜਿਥੇ ਬਿਜਲੀ ਬੋਰਡ ਤੋਂ ਬੋਝ ਘਟੇਗਾ, ਉਥੇ ਕਿਸਾਨਾਂ ਦੀਆਂ ਬਿਜਲੀ ਸਬੰਧਤ ਸਮੱਸਿਆਵਾਂ ਵੀ ਘਟਣਗੀਆਂ ਤੇ ਕੋਆਪਰੇਟਿਵ ਸੁਸਾਇਟੀ ਨੂੰ ਆਰਥਿਕ ਹੁਲਾਰਾ ਮਿਲੇਗਾ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਖੇਤੀ ਸੈਕਟਰ ਗੰਭੀਰ ਸੰਕਟ ’ਚ ਫਸਿਆ ਹੋਇਆ ਹੈ। ਪੰਜਾਬ ਦੀ ਕਿਸਾਨੀ ਇਕ ਲੱਖ ਕਰੋੜ ਰੁਪਏ ਦੀ ਕਰਜ਼ਾਈ ਹੈ। ਹਰ ਕਿਸਾਨ ਪਰਿਵਾਰ ਸਿਰ 10 ਲੱਖ ਰੁਪਏ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵੱਖਰਾ ਮੈਨੀਫੈਸਟੋ ਜਾਰੀ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੇ। ਉਨ੍ਹਾਂ ਦੱਸਿਆ ਕਿ ਜਥੇਬੰਦੀ 21 ਮਾਰਚ ਨੂੰ ਦੂਜੀਆਂ ਜਥੇਬੰਦੀਆਂ ਦੇ ਨਾਲ ਮਿਲ ਕੇ ਭਾਰਤ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੁਲਤਾਨਪੁਰ ਲੋਧੀ ਵਿੱਚ ਰੋਸ ਦਿਵਸ ਮਨਾਏਗੀ।