ਜਲੰਧਰ: ਜ਼ਿਲ੍ਹੇ ਵਿਚ ਡੇਂਗੂ ਪੀੜਤਾਂ ਦੀ ਗਿਣਤੀ 125 ਤੋਂ ਟੱਪ ਗਈ ਹੈ। ਸਿਵਲ ਹਸਪਤਾਲ ਵਿਚ ਡੇਂਗੂ ਦੇ ਦੋ ਮਰੀਜ਼ ਅਤੇ ਜੱਚਾ-ਬੱਚਾ ਵਾਰਡ ਵਿਚ ਪੰਜ ਬੱਚੇ ਦਾਖਲ ਹਨ। ਅਕਤੂਬਰ ਮਹੀਨੇ ਵਿਚ ਕੁੱਲ 357 ਲੋਕਾਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ ਵਿਚੋਂ 125 ਜਣਿਆਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਸੀ। ਜਦਕਿ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ 351 ਲੋਕਾਂ ਦੇ ਟੈਸਟ ਕੀਤੇ ਗਏ ਸਨ ਤਾਂ ਸਿਰਫ 61 ਜਣਿਆਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਸੀ। ਸਿਵਲ ਹਸਪਤਾਲ ਦੀ ਓਪੀਡੀ ਵਿਚ ਆਉਣ ਵਾਲੇ ਮਰੀਜ਼ਾਂ ਵਿਚ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ ਜਿਨ੍ਹਾਂ ਨੂੰ ਪੇਟ ਦਰਦ ਅਤੇ ਬੁਖਾਰ ਦੀ ਸ਼ਿਕਾਇਤ ਸਾਹਮਣੇ ਆ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ