DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Dhussi Bandh link Road: ਮੁੱਖ ਮੰਤਰੀ ਵੱਲੋਂ ਸ਼ਾਹਕੋਟ ਵਿਖੇ 61.82 ਕਰੋੜ ਦੀ ਲਾਗਤ ਵਾਲੇ ਧੁੱਸੀ ਬੰਨ੍ਹ ਲਿੰਕ ਰੋਡ ਦਾ ਨੀਂਹ ਪੱਥਰ

ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸਰਕਾਰ ਵਚਨਬੱਧ; ਨਵੇਂ ਕਾਨੂੰਨ ’ਚ ਉਮਰ ਕੈਦ ਤੇ 50 ਲੱਖ ਜੁਰਮਾਨੇ ਦੀ ਵਿਵਸਥਾ

  • fb
  • twitter
  • whatsapp
  • whatsapp
featured-img featured-img
ਧੁੱਸੀ ਬੰਨ੍ਹ ’ਤੇ ਪੱਕੀ ਸੜਕ ਬਣਾਉਣ ਦਾ ਮੁੱਖ ਮੰਤਰੀ ਨੇ ਰੱਖਿਆ ਨੀਂਹ ਪੱਥਰ
Advertisement

ਮੌਨਸੂਨ ਦੀ ਆਮਦ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਵਿਖੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ 61.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸ਼ਾਹਕੋਟ ਵਿਖੇ ਕਰਵਾਏ ਗਏ ਇਕ ਵਿਸ਼ਾਲ ‘ਲੋਕ ਮਿਲਣੀ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਇਸ ਵਾਰ ਲਾਗੂ ਕੀਤੇ ਗਏ ਨਹਿਰੀ ਪਾਣੀ (ਸਰਫੇਸ ਵਾਟਰ) ਸਿੰਚਾਈ ਪ੍ਰੋਜੈਕਟ ਸਦਕਾ ਇਸ ਸਾਲ ਹੜ੍ਹਾਂ ਦੇ ਪ੍ਰਭਾਵ ਨੂੰ ਕਾਫੀ ਹੱਦ ਤੱਕ ਘਟਾਉਣ ਵਿੱਚ ਮਦਦ ਮਿਲੇਗੀ।

ਬੀਤੇ ਦਿਨੀਂ ਫਗਵਾੜਾ ਵਿਖੇ ਸ਼ਿਰੋਮਣੀ ਅਕਾਲੀ ਦਲ ’ਤੇ ਤਿੱਖੇ ਹਮਲੇ ਕਰਨ ਤੋਂ ਬਾਅਦ, ਅੱਜ ਮੁੱਖ ਮੰਤਰੀ ਨੇ ਪੰਥਕ ਮੁੱਦਿਆਂ ਅਤੇ ਵਾਇਰਲ ਵੀਡੀਓ ਨੂੰ ਲੈ ਕੇ ਅਕਾਲੀ ਦਲ ਵੱਲੋਂ ਘੇਰੇ ਜਾਣ ’ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨਵੇਂ ਬੇਅਦਬੀ ਕਾਨੂੰਨ ਤਹਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ, ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਹ ਦੇਖ ਕੇ ਬਹੁਤ ਦੁੱਖ ਹੁੰਦਾ ਸੀ ਕਿ ਬੇਅਦਬੀ ਦੇ ਦੋਸ਼ੀ ਖੁੱਲ੍ਹੇਆਮ ਘੁੰਮਦੇ ਸਨ ਜਾਂ ਜ਼ਮਾਨਤ ’ਤੇ ਬਾਹਰ ਆ ਜਾਂਦੇ ਸਨ। ਨਵਾਂ ਕਾਨੂੰਨ ਇੰਨਾ ਸਖ਼ਤ ਹੈ ਕਿ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਗੁਨਾਹਗਾਰ ਬਚ ਨਾ ਸਕੇ। ਇਸ ਵਿੱਚ ਉਮਰ ਕੈਦ ਦੀ ਵਿਵਸਥਾ ਕੀਤੀ ਗਈ ਹੈ ਅਤੇ ਜੁਰਮਾਨੇ ਦੀ ਰਕਮ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ।”

Advertisement

ਹੜ੍ਹ ਪ੍ਰਭਾਵਿਤ ਖੇਤਰ ਅਤੇ ਲਿੰਕ ਰੋਡ ਪ੍ਰੋਜੈਕਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਲਾਜ ਨਾਲੋਂ ਪਰਹੇਜ਼ ਹਮੇਸ਼ਾ ਚੰਗਾ ਹੁੰਦਾ ਹੈ। ਅੱਜ ਜਿਸ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ ਹੈ, ਉਹ ਹੜ੍ਹਾਂ ਨੂੰ ਰੋਕਣ ਲਈ ਇਕ ‘ਪਰਹੇਜ਼’ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ, “ਸਾਡੀ ਪਹਿਲੀ ਕੋਸ਼ਿਸ਼ ਹੜ੍ਹਾਂ ਕਾਰਨ ਖੇਤਰ ਵਿੱਚ ਹੋਣ ਵਾਲੀ ਤਬਾਹੀ ਨੂੰ ਰੋਕਣਾ ਹੈ, ਨਾ ਕਿ ਬਾਅਦ ਵਿੱਚ ਮੁਆਵਜ਼ਾ ਵੰਡਣਾ। ਬੰਨ੍ਹ ’ਤੇ ਕੀਤਾ ਜਾਣ ਵਾਲਾ ਇਹ ਕੰਮ ਇਲਾਕੇ ਨੂੰ ਸੁਰੱਖਿਅਤ ਰੱਖੇਗਾ।” ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ (ਡੀਸੀ) ਨੂੰ ਇਸ ਪ੍ਰੋਜੈਕਟ ਵਿੱਚ ਸਭ ਤੋਂ ਵਧੀਆ ਅਤੇ ਮਿਆਰੀ ਸਮੱਗਰੀ ਦੀ ਵਰਤੋਂ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।

Advertisement

ਮੁੱਖ ਮੰਤਰੀ ਨੇ ਅੱਗੇ ਆਖਿਆ, “ਮੈਂ ਅਰਦਾਸ ਕਰਦਾ ਹਾਂ ਕਿ ਇਸ ਵਾਰ ਕਿਸਾਨਾਂ ਦੀਆਂ ਫਸਲਾਂ ਬਿਨਾਂ ਕਿਸੇ ਨੁਕਸਾਨ ਦੇ ਸੁਰੱਖਿਅਤ ਮੰਡੀਆਂ ਵਿੱਚ ਪਹੁੰਚਣ ਅਤੇ ਕਿਸਾਨਾਂ ਨੂੰ ਚੰਗਾ ਮੁਨਾਫ਼ਾ ਮਿਲੇ।” ਉਨ੍ਹਾਂ ਹੜ੍ਹਾਂ ਦੇ ਖ਼ਤਰੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਪਹਿਲਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ, ਜਿਸ ਨੂੰ ਹੁਣ ਸਾਡੀ ਸਰਕਾਰ ਨੇ ਵਧਾ ਕੇ 80 ਫੀਸਦੀ ਤੱਕ ਪਹੁੰਚਾ ਦਿੱਤਾ ਹੈ, ਜਿਸ ਨਾਲ ਹੜ੍ਹਾਂ ਦਾ ਖ਼ਤਰਾ ਕਾਫੀ ਘੱਟ ਜਾਵੇਗਾ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਨੀਂਹ ਪੱਥਰ ਰੱਖੀ ਗਈ ਇਹ 37.93 ਕਿਲੋਮੀਟਰ ਲੰਮੀ ਧੁੱਸੀ ਬੰਨ੍ਹ ਲਿੰਕ ਸੜਕ 61.82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ, ਜਿਸ ਨਾਲ ਇਸ ਖੇਤਰ ਦੇ 15 ਤੋਂ ਵੱਧ ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਸਿੱਧਾ ਫਾਇਦਾ ਹੋਵੇਗਾ। ਇਸ ਉਦਘਾਟਨੀ ਸਮਾਗਮ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ ਇਲਾਕੇ ਦੀਆਂ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

Advertisement
×