ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਜੁਲਾਈ
ਪਿੰਡ ਲਿੱਤਰਾਂ ਦੀ ਪੰਚਾਇਤ ਨੇ ਸਰਪੰਚ ਰੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਪਿੰਡ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਮੰਗ ਪੱਤਰ ਦਿੱਤਾ। ਪਿੰਡ ਦੀ ਪੰਚਾਇਤ ਨੇ ਦੱਸਿਆ ਕਿ 34 ਸਾਲ ਪਹਿਲਾਂ 2 ਫਰਵਰੀ 1986 ਨੂੰ ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ, ਮੁਹੱਲਾ ਗੁਰੂ ਨਾਨਕਪੁਰਾ, ਨਕੋਦਰ ਅਗਨ ਭੇਟ ਕਰ ਦਿੱਤੇ ਸਨ। ਇਸ ਘਟਨਾ ਵਿਰੁੱਧ ਰੋਸ ਪ੍ਰਗਟਾਉਣ ਲਈ 4 ਫਰਵਰੀ 1986 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਹੋਇਆਂ ਪੰਜਾਬ ਪੁਲੀਸ ਨੇ ਚਾਰ ਸਿੱਖ ਨੌਜਵਾਨਾਂ ਨੂੰ ਅੰਨ੍ਹੇਵਾਹ ਚਲਾਈਆਂ ਗੋਲੀਆਂ ਨਾਲ ਭੁੰਨ ਦਿੱਤਾ ਸੀ। ਇਨ੍ਹਾਂ ਚਾਰ ਸਿੱਖ ਨੌਜਵਾਨਾਂ ਵਿੱਚ ਇੱਕ ਨੌਜਵਾਨ ਭਾਈ ਰਵਿੰਦਰ ਸਿੰਘ ਇਸੇ ਪਿੰਡ ਲਿੱਤਰਾਂ ਦਾ ਰਹਿਣ ਵਾਲਾ ਸੀ। ਸ੍ਰੀ ਜਾਖੜ ਨੇ ਪਿੰਡ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੁੱਦੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੋਲ ਉਠਾਉਣਗੇ।