ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਸਤੰਬਰ
ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਜਲੰਧਰ ਕਮਿਸ਼ਨਰੇਟ ਦੇ ਸਮੂਹ ਅਧਿਕਾਰੀਆਂ ਨੂੰ ਪੈਂਡਿੰਗ ਜਾਂਚ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅੱਜ ਪੁਲੀਸ ਲਾਈਨਜ਼ ਵਿਖੇ ਆਪਣੀ ਪਲੇਠੀ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲੀਸ ਕਮਿਸ਼ਨਰ ਨੇ ਸਮੂਹ ਐੱਸਐੱਚਓਜ਼ ਨੂੰ ਸਿਸਟਮ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ‘ਥਾਣਾ ਪੱਧਰ’ ’ਤੇ ਵੱਧ ਤੋਂ ਵੱਧ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ।
ਡਾ. ਗਿੱਲ ਨੇ ਘਿਨੌਣੇ ਅਪਰਾਧਾਂ, ਖਾਸ ਕਰਕੇ ਐੱਨਡੀਪੀਐੱਸ ਐਕਟ ਵਿੱਚ ਪੀਓਜ਼ ਨੂੰ ਗ੍ਰਿਫਤਾਰ ਕਰਨ ਲਈ ਇੱਕ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ’ਤੇ ਹਫਤਾਵਾਰੀ ਸਮੀਖਿਆ ਮੀਟਿੰਗਾਂ ਰਾਹੀਂ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ। ਪੁਲੀਸ ਕਮਿਸ਼ਨਰ, ਜਿਨ੍ਹਾਂ ਦੇ ਨਾਲ ਡਿਪਟੀ ਪੁਲੀਸ ਕਮਿਸ਼ਨਰ ਗੁਰਮੀਤ ਸਿੰਘ ਵੀ ਮੌਜੂਦ ਸਨ, ਨੇ ਸਪਸ਼ਟ ਕਿਹਾ ਕਿ ਸ਼ਹਿਰ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਅਪਰਾਧਾਂ ਖਿਲਾਫ ਜ਼ੀਰੋ ਟੌਲਰੈਂਸ ਦੀ ਨੀਤੀ ਅਪਨਾਉਣ ਦੀ ਲੋੜ ਹੈ। ਉਨ੍ਹਾਂ ਸ਼ਹਿਰ ਵਿੱਚ ਸੁਰੱਖਿਆ ਅਤੇ ਗਸ਼ਤ ਵਧਾ ਕੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਸਟਰੀਟ ਕ੍ਰਾਈਮ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ।