ਰੁਜ਼ਗਾਰ ਤੇ ਵਿਕਾਸ ਦੇ ਨਵੇਂ ਰਾਹ ਖੋਲ੍ਹਣ ਲਈ ਸਰਕਾਰ ਵਚਨਬੱਧ: ਬਲਕਾਰ ਸਿੰਘ
ਹਤਿੰਦਰ ਮਹਿਤਾ
ਜਲੰਧਰ, 12 ਦਸੰਬਰ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ 8ਵੇਂ ਸਪਾਰਕ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇੱਥੇ ਸੰਬੋਧਨ ਕਰਦਿਆਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਅਤੇ ਵਿਕਾਸ ਦੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਕਿਸਮਤ ਨੂੰ ਬਦਲਣ ਲਈ ਤਿਆਰ ਕਰਨਾ ਹੈ। ਇਸ ਦੋ ਰੋਜ਼ਾ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਮਾਹਿਰ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਦਾ ਰਾਹ ਦਿਖਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ 40,000 ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਸੂਬੇ ਵਿੱਚ 58,000 ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਪ੍ਰਾਈਵੇਟ ਖੇਤਰ ਵਿੱਚ 2.98 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ। ਬਲਕਾਰ ਸਿੰਘ ਨੇ ਕਿਹਾ ਕਿ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਸ ਸਮਰੱਥਾ ਦਾ ਸਰਬਵੋਤਮ ਉਪਯੋਗ ਕਰਨ ਲਈ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਲਾਭ ਦੇਣ ਲਈ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਸੁਧਾਰ ਕੀਤੇ ਗਏ ਹਨ। ਬਲਕਾਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਸਹੀ ਮਾਰਗਦਰਸ਼ਨ ਸਫ਼ਲਤਾ ਦੀ ਕੂੰਜੀ ਹੈ। ਉਨ੍ਹਾਂ ਕਿਹਾ ਕਿ ਇਸ ਦੋ ਰੋਜ਼ਾ ਪ੍ਰੋਗਰਾਮ ਵਿਚ ਵਿਦਿਆਰਥੀਆਂ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਵਿਚਾਰ ਸੁਣਨਗੇ। ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਵਾਲੇ ਕਾਲਜਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਦਿਖਾਏ ਇਸ ਉਤਸ਼ਾਹ ਨੇ ਉਨ੍ਹਾਂ ਨੂੰ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਲਈ ਹੋਰ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਭਰ ਦਿੱਤਾ ਹੈ।