ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਇਆ ਜਾਵੇ: ਚੰਨੀ
ਪੱਤਰ ਪ੍ਰੇਰਕ
ਜਲੰਧਰ, 7 ਮਾਰਚ
ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿਧਾਇਕ ਪਰਗਟ ਸਿੰਘ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਅਵਤਾਰ ਸਿੰਘ ਜੂਨੀਅਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ , ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ। ਸਰਕਾਰੀ ਸਕੀਮਾਂ ਦੀ ਲੋੜਵੰਦ ਅਤੇ ਯੋਗ ਲੋਕਾਂ ਤੱਕ ਪਹੁੰਚ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਚੰਨੀ ਨੇ ਅਧਿਕਾਰੀਆਂ ਨੂੰ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਤਾਂ ਜੋ ਐੱਮਪੀ ਲੈਡ ਸਕੀਮ ਤਹਿਤ ਹੋਰ ਫੰਡ ਜਾਰੀ ਕੀਤੇ ਜਾ ਸਕਣ। ਐੱਮਪੀ ਲੈਡ ਸਕੀਮ ਸਮੇਤ ਹੋਰ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਚੱਲ ਰਹੇ ਕੰਮਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਲੋਕ ਸਭਾ ਮੈਂਬਰ ਨੇ ਮਗਨਰੇਗਾ ਸਕੀਮ ਤਹਿਤ 100 ਦਿਨਾਂ ਦਾ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਇਸ ਸਕੀਮ ਦਾ ਮਕਸਦ ਪੂਰਾ ਹੋ ਸਕੇ। ਉਨ੍ਹਾਂ ਪੀਐੱਮ ਗ੍ਰਾਮ ਸੜਕ ਯੋਜਨਾ, ਪੀਐੱਮ ਆਵਾਸ ਯੋਜਨਾ, ਆਦਰਸ਼ ਗ੍ਰਾਮ ਯੋਜਨਾ ਆਦਿ ਦੀ ਵੀ ਸਮੀਖਿਆ ਕੀਤੀ। ਲੋਕ ਸਭਾ ਮੈਂਬਰ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ’ਤੇ ਚੱਲ ਰਹੇ ਪ੍ਰਾਜੈਕਟਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਦੀਆਂ ਨਿਯਮਿਤ ਮੀਟਿੰਗਾਂ ਕੀਤੀਆਂ ਜਾਣਗੀਆਂ।
-