ਜੁਡੀਸ਼ੀਅਲ ਅਧਿਕਾਰੀ ਦੀ ਸ਼ਮੂਲੀਅਤ ਵਾਲਾ hit-and-run ਕੇਸ ਪੰਜਾਬ ਤੋਂ ਦਿੱਲੀ ਕੋਰਟ ਤਬਦੀਲ
ਸੁਪਰੀਮ ਕੋਰਟ ਨੇ ਪ੍ਰੋਬੇਸ਼ਨਲ ਜੁਡੀਸ਼ੀਅਲ ਅਧਿਕਾਰੀ ਦੀ ਸ਼ਮੂਲੀਅਤ ਵਾਲੇ ਕਥਿਤ ਹਿਟ ਐਂਡ ਰਨ ਕੇਸ ਨੂੰ ਪੰਜਾਬ ਦੀ ਕੋਰਟ ਤੋਂ ਰੋਹਿਨੀ ਟਰਾਇਲ ਕੋਰਟ ਵਿਚ ਤਬਦੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪੀੜਤ ਪਰਿਵਾਰ ਨੇ ਦਾਅਵਾ ਕੀਤਾ ਸੀ ਕਿ ਮੁਲਜ਼ਮ ਇਕ ਜੁਡੀਸ਼ੀਅਲ ਅਧਿਕਾਰੀ ਹੈ ਜਿਸ ਕਰਕੇ ਕੇਸ ਦੀ ਨਿਰਪੱਖ ਸੁਣਵਾਈ ਸੰਭਵ ਨਹੀਂ ਹੈ, ਜਿਸ ਮਗਰੋਂ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਕੇਸ ਤਬਦੀਲ ਕਰਨ ਦੀ ਖੁੱਲ੍ਹ ਦੇ ਦਿੱਤੀ।
ਸੁਣਵਾਈ ਦੌਰਾਨ, ਜੁਡੀਸ਼ੀਅਲ ਅਧਿਕਾਰੀ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਜੇਕਰ ਮੁਕੱਦਮੇ ਨੂੰ ਪੰਜਾਬ ਤੋਂ ਦਿੱਲੀ ਦੀ ਕਿਸੇ ਅਦਾਲਤ ਵਿੱਚ ਤਬਦੀਲ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਂਝ ਵਕੀਲ ਨੇ ਸੁਝਾਅ ਦਿੱਤਾ ਕਿ ਇਹ ਉਨ੍ਹਾਂ ਲਈ ਉਚਿਤ ਹੋਵੇਗਾ, ਜੇਕਰ ਮੁਕੱਦਮੇ ਨੂੰ ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਤਬਦੀਲ ਕੀਤਾ ਜਾਵੇ, ਕਿਉਂਕਿ ਪੀੜਤ ਦੀ ਭਾਬੀ ਦਿੱਲੀ ਵਿੱਚ ਪ੍ਰੈਕਟਿਸ ਕਰ ਰਹੀ ਸੀ। ਬੈਂਚ ਨੇ ਹਾਲਾਂਕਿ ਮਾਮਲੇ ਦੀ ਸੁਣਵਾਈ ਨੂੰ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ। ਸੁਪਰੀਮ ਕੋਰਟ ਇੱਕ ਹੋਰ ਕੇਸ ਵੀ ਤਬਦੀਲ ਕਰ ਦਿੱਤਾ ਜਿਸ ਵਿੱਚ ਪੀੜਤ ਦੀ ਪਤਨੀ ਨੇ ਪੰਜਾਬ ਪੁਲੀਸ ਤੋਂ ਸੀਬੀਆਈ ਨੂੰ ਕੇਸ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ।
ਬੈਂਚ ਨੇ ਕਿਹਾ ਕਿ ਜੇਕਰ ਮਾਮਲੇ ਵਿੱਚ ਹੋਰ ਜਾਂਚ ਦੀ ਲੋੜ ਹੈ, ਤਾਂ ਇਹ ਦਿੱਲੀ ਪੁਲੀਸ ਵੱਲੋਂ ਕੀਤੀ ਜਾਵੇਗੀ। ਸਿਖਰਲੀ ਅਦਾਲਤ ਨੇ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਕੇਸ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਤੋਂ ਦਿੱਲੀ ਦੀ ਇੱਕ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ। ਮ੍ਰਿਤਕ ਦੀ ਪਤਨੀ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਪਤੀ ਦੀ ਮੌਤ ਇਸ ਸਾਲ ਫਰਵਰੀ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪ੍ਰੋਬੇਸ਼ਨਰ ਅਫਸਰ ਵਜੋਂ ਤਾਇਨਾਤ ਜੁਡੀਸ਼ੀਅਲ ਅਧਿਕਾਰੀ ਦੀ ਕਾਰ ਨਾਲ ਹੋਏ ਹਿੱਟ-ਐਂਡ-ਰਨ ਹਾਦਸੇ ਕਾਰਨ ਹੋਈ ਸੀ। ਅਦਾਲਤ ਨੂੰ ਸੂਚਿਤ ਕੀਤਾ ਗਿਆ ਕਿ ਮਾਮਲਾ ਪੰਜਾਬ ਦੀ ਫਗਵਾੜਾ ਅਦਾਲਤ ਵਿੱਚ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਦੋਸ਼ ਤੈਅ ਕਰਨ ਦੇ ਪੜਾਅ ’ਤੇ ਹੈ।
