ਅਣਮਨੁੱਖੀ ਕਾਰਾ: ਫਗਵਾੜਾ ’ਚ ਲਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ ਵਿੱਚ ਸਸਕਾਰ ਲਈ ਲਿਜਾਇਆ ਗਿਆ
ਫਗਵਾੜਾ ਵਿੱਚ ਵਾਪਰੀ ਘਟਨਾ ਨੇ ਇੱਕ ਵਾਰ ਮੁਨ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ, ਇੱਥੇ ਇੱਕ ਲਵਾਰਿਸ ਲਾਸ਼ ਨੂੰ ਸਿਵਲ ਹਸਪਤਾਲ ਤੋਂ ਸ਼ਮਸ਼ਾਨਘਾਟ ਤੱਕ ਨਗਰ ਨਿਗਮ ਦੇ ਕੂੜਾ ਚੁੱਕਣ ਵਾਲੇ ਵਾਹਨ ਵਿੱਚ ਲਿਜਾਇਆ ਗਿਆ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਵਿਆਪਕ ਰੋਸ ਪੈਦਾ ਹੋ ਗਿਆ।
ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਮੀਡੀਆ ਕਰਮਚਾਰੀਆਂ ਵੱਲੋਂ ਸ਼ੂਟ ਕੀਤੀ ਗਈ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ, ਜਿਸ ਵਿੱਚ ਲਾਸ਼ ਨੂੰ ਉਸੇ ਵਾਹਨ ਵਿੱਚ ਲਿਜਾਇਆ ਜਾ ਰਿਹਾ ਸੀ ਜੋ ਰੋਜ਼ਾਨਾ ਕੂੜਾ ਇਕੱਠਾ ਕਰਨ ਲਈ ਵਰਤਿਆ ਜਾਂਦਾ ਹੈ।
ਪੁੱਛੇ ਜਾਣ ’ਤੇ ਵਾਹਨ ਦੇ ਡਰਾਈਵਰ ਨੇ ਦਾਅਵਾ ਕੀਤਾ ਕਿ ਇਹ ਅਭਿਆਸ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਪਤਾ ਸੀ ਕਿ ਲਾਵਾਰਸ ਲਾਸ਼ਾਂ ਨੂੰ ਅੰਤਿਮ ਸੰਸਕਾਰ ਲਈ ਕੂੜੇ ਦੇ ਟਰੱਕਾਂ ਵਿੱਚ ਲਿਜਾਇਆ ਜਾਂਦਾ ਹੈ।
ਜਿਵੇਂ ਹੀ ਇਹ ਪਰੇਸ਼ਾਨ ਕਰਨ ਵਾਲੀਆਂ ਤਸਵੀਰਾਂ ਆਨਲਾਈਨ ਫੈਲੀਆਂ ਕਈ ਸਮਾਜ ਭਲਾਈ ਸੰਗਠਨਾਂ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ। ਉਨ੍ਹਾਂ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਹਿੰਦਿਆਂ ਪ੍ਰਸ਼ਾਸਨਿਕ ਸੰਵੇਦਨਸ਼ੀਲਤਾ ’ਤੇ ਸਵਾਲ ਚੁੱਕੇ। ਉਨ੍ਹਾਂ ਨੇ ਤੁਰੰਤ ਜਵਾਬਦੇਹੀ ਅਤੇ ਲਾਵਾਰਸ ਲਾਸ਼ਾਂ ਨੂੰ ਸੰਭਾਲਣ ਲਈ ਜ਼ਿੰਮੇਵਾਰ ਪ੍ਰਣਾਲੀ ਦੇ ਪੂਰੀ ਤਰ੍ਹਾਂ ਸੁਧਾਰ ਦੀ ਮੰਗ ਕੀਤੀ।
ਇਸ ਦੌਰਾਨ ਫਗਵਾੜਾ ਦੇ ਮੇਅਰ ਰਾਮਪਾਲ ਉੱਪਲ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਅਭਿਆਸ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ ਅਤੇ ਭਰੋਸਾ ਦਿੱਤਾ ਕਿ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰੀ ਤੈਅ ਕਰਨ ਲਈ ਜਾਂਚ ਸ਼ੁਰੂ ਕੀਤੀ ਜਾਵੇਗੀ।
ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਵੀ ਇਸ ਨੂੰ ਨਗਰ ਨਿਗਮ ਦਾ "ਅਣਮਨੁੱਖੀ ਕਾਰਾ" ਦੱਸਿਆ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
