ਧੋਗੜੀ ਰੋਡ ਨੂੰ ਆਵਾਜਾਈ ਦੇ ਯੋਗ ਬਣਾਉਣ ਦੇ ਨਿਰਦੇਸ਼
ਪੱਤਰ ਪ੍ਰੇਰਕ
ਜਲੰਧਰ, 19 ਜੂਨ
ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਧੋਗੜੀ ਰੋਡ ’ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਧੋਗੜੀ ਰੋਡ ਨੂੰ ਬਰਸਾਤ ਤੋਂ ਪਹਿਲਾਂ ਵਾਹਨਾਂ ਦੀ ਆਵਾਜਾਈ ਯੋਗ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਹਦਾਇਤਾਂ ਦਾ ਉਦੇਸ਼ ਖਾਸ ਕਰਕੇ ਉਦਯੋਗਾਂ ਨੂੰ ਸੁਵਿਧਾ ਪ੍ਰਦਾਨ ਕਰਨਾ ਹੈ, ਜੋ ਸੁਚਾਰੂ ਸੰਪਰਕ ’ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ।
ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਸ਼ਾਇਰੀ ਮਲਹੋਤਰਾ ਨੇ ਵੀਰਵਾਰ ਨੂੰ ਮੌਕੇ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਿਕ ਇਕਾਈਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੁੱਦੇ ਖਾਸ ਕਰ ਬਰਸਾਤ ਦੇ ਮੌਸਮ ਦੌਰਾਨ ਸੁਚਾਰੂ ਆਵਾਜਾਈ ਨਾਲ ਸਬੰਧਤ, ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਕਨਾਲ ਰੋਡ (ਵਿਕਲਪਿਕ), ਜਿਸ ਦੀ ਵਰਤੋਂ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ, ’ਤੇ ਲੁੱਕ ਵਿਛਾਉਣ (ਪੱਕਾ ਕਰਨ) ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ ਗਿਆ ਹੈ।