Waris Punjab De: ਇਕਬਾਲ ਸਿੰਘ ਝੂੰਦਾਂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ
ਤਰਸੇਮ ਸਿੰਘ ਅਤੇ ਵਿਧਾਇਕ ਇਆਲੀ ਨੇ ਕਰਵਾਇਆ ਸ਼ਾਮਲ
Iqbal Jhunda: ਲਗਪਗ ਤਿੰਨ ਹਫ਼ਤੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਛੱਡ ਕੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਹਮਾਇਤ ਦੇਣ ਦਾ ਐਲਾਨ ਕਰਨ ਵਾਲੇ ਇਕਬਾਲ ਸਿੰਘ ਝੂੰਦਾ ਨੇ ਅੱਜ ਇੱਥੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ।
ਇਹ ਸ਼ਮੂਲੀਅਤ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਮੇਤ ਪਾਰਟੀ ਦੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਹੋਈ। ਝੂੰਦਾ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਹਨ। ਉਹ 2024 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਵੀ ਸਨ।
ਝੂੰਦਾਂ ਨੇ ਕਿਹਾ ਕਿ 21 ਜੁਲਾਈ ਨੂੰ ਉਨ੍ਹਾਂ ਨੇ ਅਕਾਲੀ ਦਲ 'ਵਾਰਿਸ ਪੰਜਾਬ' ਦੇ ਨਾਲ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਸੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅੱਗੇ ਵਧਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਕਿਹਾ, "ਉਸ ਤੋਂ ਬਾਅਦ, ਪੰਥਕ ਏਕਤਾ ਦੀ ਕੋਸ਼ਿਸ਼ ਦੀ ਸ਼ਲਾਘਾ ਕਰਨ ਦੀ ਬਜਾਏ, ਮੈਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਕੁਝ ਹੋਰ ਆਗੂਆਂ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ। ਸਾਨੂੰ ਲੱਗਿਆ ਕਿ ਸਾਰੇ ਪੰਥਕ ਸਮੂਹਾਂ ਨੂੰ ਆਪਣੇ ਰਾਜਨੀਤਿਕ ਅਤੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਇੱਕ ਮੰਚ 'ਤੇ ਆਉਣਾ ਚਾਹੀਦਾ ਹੈ। ਇਸ ਲਈ, ਅਸੀਂ ਅਧਿਕਾਰਤ ਤੌਰ 'ਤੇ ਇਸ ਪਾਰਟੀ ਵਿੱਚ ਸ਼ਾਮਲ ਹੋ ਗਏ।"
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ, ਪੰਜਾਬ ਭਰ ਵਿੱਚ ਆਗੂਆਂ, ਵਰਕਰਾਂ ਅਤੇ ਭਰਤੀ ਪ੍ਰਬੰਧਕਾਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਵਾਰਿਸ ਪੰਜਾਬ ਵਿੱਚ ਲਿਆ ਕੇ ਪੰਥਕ ਏਕਤਾ ਨੂੰ ਹੋਰ ਅੱਗੇ ਵਧਾਇਆ ਜਾਵੇਗਾ।

