ਨਿੱਜੀ ਪੱਤਰ ਪ੍ਰੇਰਕ
ਜਲੰਧਰ, 26 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਰਜਿੰਦਰ ਕੌਰ ਰੂਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਾਂਡਾ ਦੇ ਪਿੰਡ ਜਲਾਲਪੁਰ ’ਚ ਛੇ ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੀ ਘਟਨਾ ਨਾ ਸਿਰਫ਼ ਸਮਾਜ, ਸਗੋਂ ਪੁਲੀਸ ਅਤੇ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਉਨ੍ਹਾਂ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਅਜਹਿੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਫਾਸਟ ਟਰੈਕ ਕੋਰਟ ਸ਼ੁਰੂ ਕੀਤੀ ਜਾਵੇ, ਜਿਸ ਵਿਚ ਦੋਸ਼ੀ ਨੂੰ ਇਕ ਮਹੀਨੇ ਅੰਦਰ ਸਖ਼ਤ ਸਜ਼ਾ ਦਿੱਤੀ ਜਾਵੇ।
ਰੁਪਿੰਦਰ ਕੌਰ ਰੂਬੀ ਨੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਕਿ ਉਹ ਨਿਰਭੈਯਾ ਜਬਰ ਜਨਾਹ ਕਾਂਡ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਨਿਰਭੈਯਾ ਫੰਡ ਦਾ ਹਿਸਾਬ-ਕਿਤਾਬ ਦੇਵੇ ਅਤੇ ਦੱਸੇ ਕਿ ਪੰਜਾਬ ਸਰਕਾਰ ਕੋਲ ਕਿੰਨਾ ਫੰਡ ਆਇਆ ਅਤੇ ਉਸ ਫੰਡ ਦੀ ਔਰਤਾਂ ਦੀ ਸੁਰੱਖਿਆ ਲਈ ਕਿਥੇ ਅਤੇ ਕਿਵੇਂ ਵਰਤੋਂ ਹੋਈ?
ਜਲਾਲਪੁਰ ਪਹੁੰਚੇ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਜਬਰ-ਜਨਾਹ ਤੇ ਕਤਲ ਕਾਂਡ ਸਬੰਧੀ ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਤੇ ਸਾਬਕਾ ਆਈਪੀਐੱਸ ਅਧਿਕਾਰੀ ਰਜਿੰਦਰ ਸਿੰਘ ਤੇ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਯਸ਼ਵੰਤ ਜੈਨ ਨੇ ਪਿੰਡ ਜਲਾਲਪੁਰ ਵਿੱਚ ਅੱਜ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮਗਰੋਂ ਚੇਅਰਮੈਨ ਰਜਿੰਦਰ ਸਿੰਘ, ਵਾਈਸ ਚੇਅਰਮੈਨ ਸੇਬੀ ਥੌਮਸ ਤੇ ਕੌਮੀ ਕਮਿਸ਼ਨ ਦੇ ਮੈਂਬਰਾਂ ਨੇ ਹੁਸ਼ਿਆਰਪੁਰ ਦੇ ਡੀਸੀ ਅਪਨੀਤ ਰਿਆਤ ਤੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਨਾਲ ਮੀਟਿੰਗ ਕਰ ਕੇ ਘਟਨਾ ਸਬੰਧੀ ਹੋ ਰਹੀ ਕਾਰਵਾਈ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪਿੰਡ ਵਿੱਚ ਪਲਾਟ ਦੇਣ ਦਾ ਕੀਤਾ ਗਿਆ ਵਾਅਦਾ ਇਕ ਮਹੀਨੇ ਦੇ ਅੰਦਰ-ਅੰਦਰ ਪੂਰਾ ਕੀਤਾ ਜਾਵੇ।