Jalandhar: ਮੰਡ ਇਲਾਕੇ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਹਰੀ ਝੰਡੀ; ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣੇਗੀ ਪੱਕੀ ਸੜਕ: ਮੁੱਖ ਮੰਤਰੀ
ਗਿੱਦੜਪਿੰਡੀ ਤੋਂ ਫਿਲੌਰ ਤੱਕ ਸੜਕ ਦੇ ਨਿਰਮਾਣ ਲਈ ਭਲਕੇ ਜਾਰੀ ਹੋਣਗੇ ਟੈਂਡਰ
ਸਤਲੁਜ ਦਰਿਆ ਦੇ ਨਜ਼ਦੀਕੀ ਮੰਡ ਖੇਤਰ ਦੇ ਵਸਨੀਕਾਂ ਦੀ ਇੱਕ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਅਹਿਮ ਮੰਗ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਉੱਪਰ ਪੱਕੀ ਸੜਕ ਬਣਾਉਣ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਹਰ ਸਾਲ ਹੜ੍ਹਾਂ ਕਾਰਨ ਹੋਣ ਵਾਲੀ ਭਾਰੀ ਤਬਾਹੀ ਦੇ ਮੱਦੇਨਜ਼ਰ, ਇਸ ਇਲਾਕੇ ਦੇ ਲੋਕਾਂ ਵੱਲੋਂ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਉੱਪਰ ਪੱਕੀ ਸੜਕ ਬਣਾਉਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਗਿੱਦੜਪਿੰਡੀ ਤੋਂ ਫਿਲੌਰ ਤੱਕ ਬਣਨ ਵਾਲੀ ਇਸ ਸੜਕ ਦੇ ਨਿਰਮਾਣ ਲਈ ਭਲਕੇ (ਸ਼ੁੱਕਰਵਾਰ) ਟੈਂਡਰ ਜਾਰੀ ਕਰ ਦਿੱਤੇ ਜਾਣਗੇ ਅਤੇ ਇਸ ਤੋਂ ਤੁਰੰਤ ਬਾਅਦ ਉੱਥੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਅੱਜ ਸੁਲਤਾਨਪੁਰ ਲੋਧੀ ਦੇ ਪਿੰਡ ਸੀਚੇਵਾਲ ਸਥਿਤ ਨਿਰਮਲ ਕੁਟੀਆ ਵਿਖੇ ਸੰਤ ਅਵਤਾਰ ਸਿੰਘ ਦੀ 38ਵੀਂ ਸਾਲਾਨਾ ਬਰਸੀ ਦੇ ਸਬੰਧ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਨਤਮਸਤਕ ਹੋਣ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਵਾਰ ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹਾਂ ਕਾਰਨ ਹੋਣ ਵਾਲੇ ਕਿਸੇ ਵੀ ਨੁਕਸਾਨ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਅਗਾਊਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਗੁਰਬਾਣੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਪੰਜਾਬ ਦੇ ਕੁਦਰਤੀ ਵਾਤਾਵਰਨ ਤੇ ਅਮੀਰ ਵਿਰਸੇ ਨੂੰ ਮੁੜ ਸੁਰਜੀਤ ਕਰੀਏ।
ਕੌਮਾਂਤਰੀ ਪੱਧਰ ਦੇ ਹਾਕੀ ਸਟੇਡੀਅਮ ਦਾ ਐਲਾਨ
ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮੌਜੂਦਗੀ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਨਵੀਂ ਵਿਛਾਈ ਗਈ ਐਸਟ੍ਰੋਟਰਫ਼ (Astroturf) ਦਾ ਉਦਘਾਟਨ ਵੀ ਕੀਤਾ। ਜ਼ਿਕਰਯੋਗ ਹੈ ਕਿ ਸੰਤ ਸੀਚੇਵਾਲ ਨੇ ਆਪਣੇ ਐਮ.ਪੀ. ਫੰਡ (MP Fund) ਵਿੱਚੋਂ ਇਸ ਐਸਟ੍ਰੋਟਰਫ਼ ਨੂੰ ਲਗਾਉਣ ਲਈ 23.04 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਸੀ। ਇਸ ਧਾਰਮਿਕ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਸੰਤ ਅਵਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਸਮਾਗਮ ਦੌਰਾਨ ਸੰਤ ਜਗਜੀਤ ਸਿੰਘ ਲੋਪੋ, ਸੰਤ ਪ੍ਰਗਟ ਨਾਥ, ਸੰਤ ਬਲਦੇਵ ਕ੍ਰਿਸ਼ਨ, ਸੰਤ ਅਮ੍ਰਿਕ ਸਿੰਘ ਖੁਖਰੈਣ, ਸੰਤ ਗੁਰਚਰਨ ਸਿੰਘ ਪਾਂਡਵਾ ਵਾਲੇ, ਸੰਤ ਗੁਰਮੇਜ ਸਿੰਘ, ਸੰਤ ਸੁਖਜੀਤ ਸਿੰਘ ਸੀਚੇਵਾਲ, ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲੇ, ਹਰਿਆਣਾ ਤੋਂ ਬਾਬਾ ਜੀਤ ਸਿੰਘ, ਜੱਥੇਦਾਰ ਫ਼ਤਿਹ ਸਿੰਘ ਔਲ ਅਤੇ ਬਾਬਾ ਦੀਪਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਸੰਤ-ਮਹਾਂਪੁਰਸ਼ ਅਤੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਹਾਜ਼ਰ ਸਨ।

