ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਅਕਤੂਬਰ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1,73,220 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,72,807 ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਦਕਿ ਝੋਨੇ ਦੀ ਖਰੀਦ ਲਈ ਹੁਣ ਤੱਕ 257.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਫਸਲ ਦੀ ਲਿਫਟਿੰਗ ਨੂੰ ਨਾਲੋ-ਨਾਲ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 64,225 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 42,678 ਮੀਟ੍ਰਿਕ ਟਨ, ਪਨਸਪ ਵੱਲੋਂ 48,226 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 17,595 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 83 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 257.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਸੁਕਾ ਕੇ ਲੈ ਕੇ ਆਉਣ ਦੀ ਅਪੀਲ ਵੀ ਕੀਤੀ।