ਜਲੰਧਰ ਪੁਲੀਸ ਨੇ 24 ਘੰਟਿਆਂ ’ਚ ਕਤਲ ਕੇਸ ਦੀ ਗੁੱਥੀ ਸੁਲਝਾਈ, ਚਾਰ ਮੁਲਜ਼ਮ ਗ੍ਰਿਫ਼ਤਾਰ
ਹਤਿੰਦਰ ਮਹਿਤਾ
ਜਲੰਧਰ, 20 ਜੂਨ
ਕਮਿਸ਼ਨਰੇਟ ਪੁਲੀਸ ਜਲੰਧਰ ਨੇ 24 ਘੰਟਿਆਂ ਅੰਦਰ ਕਤਲ ਕੇਸ ਸੁਲਝਾਉਂਦਿਆਂ ਚਾਰ ਵਿਅਕਤੀਆਂ ਨੂੰ ਅਪਰਾਧ ਲਈ ਵਰਤੇ ਵਾਹਨ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਮੁਕੇਸ਼ ਕੁਮਾਰ ਦੇ ਬਿਆਨਾਂ ’ਤੇ 17 ਜੂਨ ਨੂੰ ਥਾਣਾ ਰਾਮਾ ਮੰਡੀ ਵਿਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਤਲ ਦੀ ਇਹ ਵਾਰਦਾਤ 16 ਜੂਨ ਦੀ ਰਾਤ ਨੂੰ ਜਲੰਧਰ ਦੇ ਸੁੱਚੀ ਪਿੰਡ ਮੋੜ, ਮੇਨ ਰੋਡ ’ਤੇ ਵਾਪਰੀ। ਅਣਪਛਾਤੇ ਹਮਲਾਵਰਾਂ ਨੇ ਮੁਕੇਸ਼ ਕੁਮਾਰ, ਪਵਨ ਕੁਮਾਰ, ਮਨਦੀਪ ਕੁਮਾਰ ਅਤੇ ਉਨ੍ਹਾਂ ਦੇ ਪਿਤਾ ਜੈ ਰਾਮ ’ਤੇ ਉਨ੍ਹਾਂ ਦੀ ਕਰਿਆਨੇ ਦੀ ਦੁਕਾਨ ਉੱਤੇ ਹਮਲਾ ਕੀਤਾ। ਹਮਲੇ ਵਿਚ ਗੰਭੀਰ ਜ਼ਖ਼ਮੀ ਮਨਦੀਪ ਕੁਮਾਰ ਦੀ ਮੌਕੇ ’ਤੇ ਮੌਤ ਹੋ ਗਈ ਸੀ।
ਪੁਲੀਸ ਨੇ ਜਾਂਚ ਲਈ ਕਈ ਟੀਮਾਂ ਬਣਾਈਆਂ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਛੇ ਮਸ਼ਕੂਕਾਂ ਦੀ ਪਛਾਣ ਕਰਕੇ ਇਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਪ੍ਰਿੰਸ ਵਾਸੀ ਸੁੱਚੀ ਪਿੰਡ, ਆਕਾਸ਼ਦੀਪ ਸਿੰਘ ਉਰਫ਼ ਗੋਲੂ ਵਾਸੀ ਪਿੰਡ ਕੋਟਲਾ ਨੇੜੇ ਸ਼ੇਖੇ ਪਿੰਡ, ਸਾਹਿਲ ਕੁਮਾਰ ਉਰਫ਼ ਜਿਹਰ ਵਾਸੀ ਮਾਨਕਰਾਂ ਵਜੋਂ ਹੋਈ ਹੈ। ਇਸ ਤੋਂ ਇਲਾਵਾ ਇੱਕ ਨਾਬਾਲਗ ਨੂੰ ਵੀ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਸਕਾਰਪੀਓ ਗੱਡੀ (ਨੰ. PB-08-AH-4686) ਤੇ ਤਿੰਨ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਤਿੰਨ ਦਿਨਾ ਰਿਮਾਂਡ ਹਾਸਲ ਕਰ ਲਿਆ ਹੈ। ਦੋ ਹੋਰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।