ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਜੂਨ
ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਅੱਜ ਹੋਈ ਵਰਚੁਅਲ ਸਮੀਖਿਆ ਬੈਠਕ ਵਿਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ ਕਿ 6.29 ਲੱਖ ਕੋਵਿਡ-19 ਖੁਰਾਕਾਂ ਦੇ ਕੇ ਜ਼ਿਲ੍ਹਾ ਜਲੰਧਰ ਏਨੀ ਵੱਡੀ ਗਿਣਤੀ ਵਿੱਚ ਟੀਕਾਕਰਨ ਹਾਸਲ ਕਰਨ ਸਦਕਾ ਸੂਬੇ ਦੇ ਚੋਟੀ ਦੇ ਜ਼ਿਲ੍ਹਿਆਂ ਵਿੱਚੋਂ ਇਕ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲਾਭਪਾਤਰੀਆਂ ਨੂੰ ਕੋਵੈਕਸੀਨ ਅਤੇ ਕੋਵੀਸ਼ੀਲਡ ਦੋਵਾਂ ਦੀ 5,37,202 ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ, ਜਦਕਿ 91,970 ਨੇ ਆਪਣੀ ਦੂਜੀ ਖੁਰਾਕ ਪ੍ਰਾਪਤ ਕਰ ਲਈ ਹੈ। ਉਨ੍ਹਾਂ ਲੋਕਾਂ ਨੂੰ ਆਪਣੀ ਦੂਜੀ ਖੁਰਾਕ ਲਈ ਨੇੜਲੇ ਟੀਕਾਕਰਨ ਕੇਂਦਰ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਜ਼ਿਲ੍ਹੇ ਭਰ ਵਿੱਚ ਕੁੱਲ 50 ਮੋਬਾਈਲ ਟੀਕਾਕਰਨ ਕੈਂਪ ਲਗਾਏ ਜਾਣਗੇ। ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਏਸੀਐੱਸ ਡਾ. ਵਰਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਚੋਪੜਾ ਅਤੇ ਹੋਰ ਮੌਜੂਦ ਸਨ।