ਪਾਲ ਸਿੰਘ ਨੌਲੀ
ਜਲੰਧਰ, 20 ਸਤੰਬਰ
ਦੇਸ਼ ਭਗਤ ਯਾਦਗਾਰ ਕਮੇਟੀ ਨੇ ਜੱਲ੍ਹਿਆਂਵਾਲਾ ਬਾਗ਼ ਨਾਲ ਸੁੰਦਰੀਕਰਨ ਤੇ ਨਵੀਨੀਕਰਨ ਦੇ ਨਾਂ ’ਤੇ ਕੀਤੀ ਛੇੜਛਾੜ ਨੂੰ ਇਤਿਹਾਸਕ ਧ੍ਰੋਹਰ ਨਾਲ ਕੋਝਾ ਮਜ਼ਾਕ ਦੱਸਿਆ ਹੈ। ਇਸ ਦੇ ਵਿਰੋਧ ਵਿਚ ਕਮੇਟੀ ਦੇ ਇਕ ਵਫ਼ਦ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੈਮੋਰੈਡਮ ਦਿੱਤਾ। ਵਫਦ ਵਿਚ ਸ਼ਾਮਲ ਕਮੇਟੀ ਦੇ ਪ੍ਰਧਾਨ ਕਾਮਰੇਡ ਅਜਮੇਰ ਸਿੰਘ, ਮੀਤ ਪ੍ਰਧਾਨ ਕਾਮਰੇਡ ਸੀਤਲ ਸਿੰਘ ਸੰਘਾ, ਜਨਰਲ ਸਕੱਤਰ ਕਾਮਰੇਡ ਗੁਰਮੀਤ ਸਿੰਘ, ਸਹਾਇਕ ਸਕੱਤਰ ਡਾ. ਪਰਮਿੰਦਰ, ਖਜ਼ਾਨਚੀ ਕਾਮਰੇਡ ਰਣਜੀਤ ਸਿੰਘ ਔਲਖ ਅਤੇ ਟਰੱਸਟ ਮੈਂਬਰ ਸੁਰਿੰਦਰ ਕੁਮਾਰੀ ਕੋਛੜ ਨੇ ਮੈਮੋਰੰਡਮ ਦੇਣ ਤੋਂ ਬਾਅਦ ਇਥੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਮਿਲ ਕੇ ਉਨ੍ਹਾਂ ਨੂੰ ਨਵੀਨੀਕਰਨ ਦੇ ਨਾਂ ’ਤੇ ਸਰਕਾਰ ਵਲੋਂ ਕੀਤੀਆਂ ਤਬਦੀਲੀਆਂ ਬਾਰੇ ਵਿਸਥਾਰ-ਪੂਰਵਕ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਫਦ ਨੇ ਰੋਸ ਪ੍ਰਗਟ ਕੀਤਾ ਕਿ ਇਹ ਤਬਦੀਲੀਆਂ ਇਸ ਇਤਿਹਾਸ ਧਰੋਹਰ ਨਾਲ ਕੋਝਾ ਮਜ਼ਾਕ ਹੈ, ਜਿਸ ਨੂੰ ਦੇਸ਼ ਭਗਤ ਆਵਾਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਖਹਿਰਾ ਨੇ ਵਫ਼ਦ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਕਮੇਟੀ ਦੇ ਇਨ੍ਹਾਂ ਜਜ਼ਬਾਤ ਅਤੇ ਮੰਗਾਂ ਨੂੰ ਸਬੰਧਤ ਵਿਭਾਗ ਅਤੇ ਅਧਿਕਾਰੀਆਂ ਕੋਲ ਪਹੁੰਚਾਉਣਗੇ। ਉਨ੍ਹਾਂ ਦੱਸਿਆ ਕਿ ਜੱਲ੍ਹਿਆਂਵਾਲਾ ਬਾਗ਼ ਦੀ ਸੰਭਾਲ ਕੌਮੀ ਜੱਲ੍ਹਿਆਂਵਾਲਾ ਟਰੱਸਟ ਦੇ ਅਧੀਨ ਹੈ, ਜਿਸ ਦੇ ਚੇਅਰਮੈਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਨ।