ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 23 ਫਰਵਰੀ
ਥਾਣਾ ਕਰਤਾਰਪੁਰ ਅਧੀਨ ਪਿੰਡ ਮੌੜ ਦੀ ਨੌੰ ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਦੇ ਦੋਸ਼ੀ ਨੂੰ ਪੁਲੀਸ ਵੱਲੋਂ ਹਾਲੇ ਤਕ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਜੋਂ ਇਸਤਰੀ ਜਾਗ੍ਰਿਤੀ ਮੰਚ ਦੀ ਅਗਵਾਈ ਵਿੱਚ ਔਰਤਾਂ ਨੇ ਥਾਣਾ ਕਰਤਾਰਪੁਰ ਘੇਰ ਕੇ ਮੁਜ਼ਾਹਰਾ ਕੀਤਾ। ਇਸ ਮੌਕੇ ਇਸਤਰੀ ਜਾਗ੍ਰਿਤੀ ਮੰਚ ਦੀ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਅਤੇ ਸਕੱਤਰ ਜਸਬੀਰ ਕੌਰ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਔਰਤਾਂ ਨੂੰ ਭਰਮਾਉਣ ਲਈ ਸਿਆਸੀ ਲਾਰੇ ਲਾਉਂਦੇ ਹਨ, ਜਦੋਂ ਕਿ ਉਨ੍ਹਾਂ ਦੇ ਰਾਜ ਵਿੱਚ ਔਰਤਾਂ ਅਤੇ ਬੱਚੀਆਂ ਸੁਰੱਖਿਅਤ ਨਹੀਂ। ਉਨ੍ਹਾਂ ਮੰਗ ਕੀਤੀ ਕਿ ਜਬਰ ਜਨਾਹ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਲੜਕੀ ਦਾ ਇਲਾਜ ਮੁਫ਼ਤ ਕੀਤਾ ਜਾਵੇ।