ਜਾਣੋ ਪੰਜਾਬ ਦੇ ਕੰਪਿਊਟਰ ਅਧਿਆਪਕ ਅਰਵਿੰਦ ਕੇਜਰੀਵਾਲ ਨਾਲ 'ਸੱਤਿਆਗ੍ਰਹਿ' 'ਤੇ ਕਿਉਂ ਬੈਠਣਾ ਚਾਹੁੰਦੇ ਹਨ
ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਦਿੱਲੀ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ 'ਸੱਤਿਆਗ੍ਰਹਿ' ਕਰਨ ਦਾ ਐਲਾਨ ਕੀਤਾ ਹੈ।...
ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਦਿੱਲੀ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ 'ਸੱਤਿਆਗ੍ਰਹਿ' ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਦੇ 6,640 ਕੰਪਿਊਟਰ ਅਧਿਆਪਕਾਂ ਵਾਲੀ 'ਕੰਪਿਊਟਰ ਫੈਕਲਟੀ ਐਸੋਸੀਏਸ਼ਨ' ਨੇ ਐਲਾਨ ਕੀਤਾ ਹੈ ਕਿ ਜਦੋਂ ਵੀ ਅਰਵਿੰਦ ਕੇਜਰੀਵਾਲ ਆਪਣਾ ਸੱਤਿਆਗ੍ਰਹਿ ਸ਼ੁਰੂ ਕਰਨਗੇ, ਉਹ ਵੀ ਦਿੱਲੀ ਜਾ ਕੇ ਉਨ੍ਹਾਂ ਨਾਲ ਇਸ ਵਿੱਚ ਸ਼ਾਮਲ ਹੋਣਗੇ। ਅਦਾਲਤੀ ਕਾਰਵਾਈ ਵਿੱਚ ਇਨਸਾਫ਼ ਦੀ ਕਮੀ ਦਾ ਹਵਾਲਾ ਦਿੰਦੇ ਹੋਏ ਕੇਜਰੀਵਾਲ ਵੱਲੋਂ 'ਸੱਤਿਆਗ੍ਰਹਿ' ਦਾ ਰਸਤਾ ਚੁਣਨ ਦੇ ਮੱਦੇਨਜ਼ਰ ਅਧਿਆਪਕਾਂ ਨੇ ਕਿਹਾ ਹੈ ਕਿ ਉਹ ਵੀ ਉਨ੍ਹਾਂ ਦੇ ਹਰ ਕਦਮ ਨਾਲ ਕਦਮ ਮਿਲਾ ਕੇ ਚੱਲਣਗੇ।
ਅਧਿਆਪਕਾਂ ਨੇ ਕਿਹਾ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚੋਂ ਅਧਿਆਪਕਾਂ ਦਾ ਇੱਕ ਜਥਾ ਦਿੱਲੀ ਲਈ ਰਵਾਨਾ ਹੋਵੇਗਾ, ਤਾਂ ਜੋ 'ਆਪ' ਵੱਲੋਂ ਉਨ੍ਹਾਂ ਨਾਲ ਕੀਤੇ ਗਏ ਧੱਕੇ ਵਿਰੁੱਧ ਰੋਸ ਦਰਜ ਕਰਵਾਇਆ ਜਾ ਸਕੇ। ਇਸ ਸੰਘਰਸ਼ ਦੇ ਤਹਿਤ ਕੰਪਿਊਟਰ ਅਧਿਆਪਕਾਂ ਨੇ 1 ਮਈ ਤੋਂ 10 ਮਈ ਤੱਕ ਸਕੂਲਾਂ ਵਿੱਚ ਪੜ੍ਹਾਈ ਤੋਂ ਇਲਾਵਾ ਕੀਤੇ ਜਾਣ ਵਾਲੇ ਹੋਰ ਸਾਰੇ ਵਾਧੂ ਕੰਮਾਂ ਦਾ ਬਾਈਕਾਟ ਕਰ ਦਿੱਤਾ ਹੈ। 1 ਮਈ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਇਹ ਬਾਈਕਾਟ ਅੱਜ ਤੋਂ ਅਮਲੀ ਰੂਪ ਵਿੱਚ ਸ਼ੁਰੂ ਹੋ ਗਿਆ ਹੈ।
ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਕੁਮਾਰ ਮਲੂਕਾ ਨੇ ਐਲਾਨ ਕੀਤਾ ਕਿ ਕੇਜਰੀਵਾਲ ਜਿੱਥੇ ਵੀ ਆਪਣਾ ਪ੍ਰਦਰਸ਼ਨ ਕਰਨਗੇ, ਅਧਿਆਪਕ ਵੀ ਉਨ੍ਹਾਂ ਦੇ ਨਾਲ ਉੱਥੇ ਹੀ ਬੈਠਣਗੇ। ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਕੇਜਰੀਵਾਲ ਭੁੱਖ ਹੜਤਾਲ ਸ਼ੁਰੂ ਕਰਦੇ ਹਨ, ਤਾਂ ਅਧਿਆਪਕ ਵੀ ਉਨ੍ਹਾਂ ਦੇ ਸਮਰਥਨ ਵਿੱਚ ਭੁੱਖ ਹੜਤਾਲ 'ਤੇ ਬੈਠਣਗੇ।
ਪ੍ਰਦੀਪ ਮਲੂਕਾ ਨੇ ਕਿਹਾ ਕਿ ਜਿਸ ਤਰ੍ਹਾਂ ਕੇਜਰੀਵਾਲ ਆਪਣੇ ਹੱਕਾਂ ਅਤੇ ਇਨਸਾਫ਼ ਲਈ ਸੱਤਿਆਗ੍ਰਹਿ ਕਰ ਰਹੇ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਦੇ ਅਧੀਨ ਕੰਪਿਊਟਰ ਅਧਿਆਪਕ ਪਿਛਲੇ ਚਾਰ ਸਾਲਾਂ ਤੋਂ ਆਪਣੇ ਹੱਕਾਂ ਲਈ ਆਵਾਜ਼ ਚੁੱਕ ਰਹੇ ਹਨ। ਉਨ੍ਹਾਂ ਦੱਸਿਆ ਕਿ 2022 ਦੀਆਂ ਚੋਣਾਂ ਵੇਲੇ 'ਆਪ' ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕੰਪਿਊਟਰ ਅਧਿਆਪਕਾਂ ਦਾ ਸਿੱਖਿਆ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇਗਾ ਅਤੇ 6ਵਾਂ ਪੇਅ ਕਮਿਸ਼ਨ ਦਿੱਤਾ ਜਾਵੇਗਾ, ਪਰ ਇਹ ਵਾਅਦੇ ਅਜੇ ਤੱਕ ਅਧੂਰੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਨੂੰ ਕਾਗਜ਼ਾਂ ਵਿੱਚ ਰੈਗੂਲਰ ਕਰ ਦਿੱਤਾ ਹੈ ਪਰ ਸਾਨੂੰ ਰੈਗੂਲਰ ਹੋਣ ਦਾ ਕੋਈ ਲਾਭ ਨਹੀਂ ਮਿਲ ਰਿਹਾ।
ਹੁਸ਼ਿਆਰਪੁਰ ਤੋਂ ਕੰਪਿਊਟਰ ਅਧਿਆਪਕ ਆਗੂ ਊਧਮ ਸਿੰਘ ਨੇ ਦੱਸਿਆ ਕਿ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਸੀ ਕਿ ਅਧਿਆਪਕਾਂ ਦਾ 'ਦੀਵਾਲੀ ਦੇ ਤੋਹਫ਼ੇ' ਵਜੋਂ ਸਿੱਖਿਆ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇਗਾ ਅਤੇ 6ਵਾਂ ਪੇਅ ਕਮਿਸ਼ਨ ਦਿੱਤਾ ਜਾਵੇਗਾ, ਪਰ ਕਈ ਸਾਲ ਬੀਤ ਜਾਣ 'ਤੇ ਵੀ ਇਹ ਸਿਰਫ਼ ਇੱਕ ਸਿਆਸੀ ਡਰਾਮਾ ਹੀ ਸਾਬਤ ਹੋਇਆ ਹੈ।
ਅਧਿਆਪਕ ਆਗੂਆਂ ਨੇ ਆਪਣੀਆਂ ਮੁੱਖ ਮੰਗਾਂ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦਾ ਬਿਨਾਂ ਕਿਸੇ ਸ਼ਰਤ ਦੇ ਸਿੱਖਿਆ ਵਿਭਾਗ ਵਿੱਚ ਰਲੇਵਾਂ ਕੀਤਾ ਜਾਵੇ ਅਤੇ ਉਨ੍ਹਾਂ ਨੂੰ 6ਵੇਂ ਪੇਅ ਕਮਿਸ਼ਨ ਦੇ ਲਾਭ ਦਿੱਤੇ ਜਾਣ। ਇਸ ਦੇ ਨਾਲ ਹੀ, ਉਨ੍ਹਾਂ ਮੰਗ ਕੀਤੀ ਕਿ ਜਿਹੜੇ ਅਧਿਆਪਕ ਦੁਨੀਆ ਤੋਂ ਚਲੇ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ, ਤਾਂ ਉਹ ਦਿੱਲੀ ਵਿੱਚ ਕੇਜਰੀਵਾਲ ਦੇ ਨਾਲ ਸੱਤਿਆਗ੍ਰਹਿ ਸ਼ੁਰੂ ਕਰਨਗੇ ਅਤੇ ਸੰਗਰੂਰ ਦੀਆਂ ਸੜਕਾਂ 'ਤੇ ਵੀ ਪ੍ਰਦਰਸ਼ਨ ਕਰਨਗੇ।

