LPU protest row: ਕਾਨੂੰਨ ਹੱਥ ’ਚ ਲੈਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਡੀਜੀਪੀ
ਡੀਜੀਪੀ ਨੇ ਮੌਕੇ ’ਤੇ ਪਹੁੰਚ ਕੇ ਲਿਆ ਸਥਿਤੀ ਦਾ ਜਾਇਜ਼ਾ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿੱਚ ਪਿਛਲੇ ਦਿਨਾਂ ਤੋਂ ਚੱਲ ਰਹੇ ਤਣਾਅ ਅਤੇ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਐਲ.ਪੀ.ਯੂ. ਪਹੁੰਚੇ। ਇਸ ਦੌਰਾਨ ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮਾਮਲੇ ਦੀ ਜਾਂਚ ਬਾਰੇ ਵੀ ਜਾਣਕਾਰੀ ਦਿੱਤੀ।
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਾਂਚ ਦੌਰਾਨ ਜੇਕਰ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨ ਤੋਂ ਬਾਅਦ ਵਿਦਿਆਰਥੀਆਂ ਵਿੱਚ ਰੋਸ ਸੀ ਅਤੇ ਪੁਲੀਸ ਵੱਲੋਂ ਵਿਦਿਆਰਥੀਆਂ ਨਾਲ ਬੈਠ ਕੇ ਗੱਲਬਾਤ ਕਰਦਿਆਂ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ ਅਤੇ ਹਰ ਪੱਖ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਪੁਲੀਸ ਵੱਲੋਂ ਦਰਜ ਐਫ.ਆਈ.ਆਰ. ਦੀ ਜਾਂਚ ਵੀ ਐਸ.ਆਈ.ਟੀ. ਕਰ ਰਹੀ ਹੈ।
ਡੀ.ਜੀ.ਪੀ. ਨੇ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜੇ ਕੋਈ ਵਿਅਕਤੀ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਸਪੱਸ਼ਟ ਖ਼ਬਰਾਂ ਅਤੇ ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਜ਼ਰੂਰ ਕਰਨ।
ਜ਼ਿਕਰਯੋਗ ਹੈ ਕਿ ਐਲ.ਪੀ.ਯੂ. ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਘਟਨਾ ਸਬੰਧੀ ਦਾਅਵਿਆਂ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ, ਜੋ ਬਾਅਦ ਵਿੱਚ ਹਿੰਸਕ ਹੋ ਗਿਆ। ਯੂਨੀਵਰਸਿਟੀ ਪ੍ਰਬੰਧਨ ਨੇ ਇਨ੍ਹਾਂ ਦਾਅਵਿਆਂ ਨੂੰ ਅਫ਼ਵਾਹਾਂ ਕਰਾਰ ਦਿੰਦਿਆਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿਰਫ਼ ਅਧਿਕਾਰਤ ਸੂਚਨਾਵਾਂ ’ਤੇ ਭਰੋਸਾ ਕਰਨ ਦੀ ਅਪੀਲ ਕੀਤੀ ਹੈ।

