350ਵੀਂ ਸ਼ਹੀਦੀ ਸ਼ਤਾਬਦੀ: ਕਰਤਾਰਪੁਰ ਤੋਂ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੱਚਿਆਂ ਨੂੰ ਸਿੱਖੀ ਸਰੂਪ ਸਜਾਉਣ ਦੀ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੀ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਵਿੱਚ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।
ਗੁਰਦੁਆਰਾ ਗੰਗਸਰ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੱਚਿਆਂ ਨੂੰ ਸਿੱਖੀ ਸਰੂਪ ਸਜਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖੀ ਸਰੂਪ ਵਿੱਚ ਰੱਖਣ ਲਈ ਮਾਪਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਦੀ ਜੰਗ ਵਿੱਚ ਸ਼ਸਤਰਬਾਜ਼ੀ ਵਿੱਚ ਮਾਹਰ ਤਿਆਗ ਮਲ ਜੀ ਦੀ ਬਹਾਦਰੀ ਤੋਂ ਪ੍ਰਭਾਵਿਤ ਹੋ ਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਉਨ੍ਹਾਂ ਦਾ ਨਾਂ ਤੇਗ ਬਹਾਦਰ ਰੱਖਿਆ ਸੀ।
ਨਗਰ ਕੀਰਤਨ ਦਾ ਲਿਦੜਾ ਵਿੱਚ ਸੀਆਰਪੀਐਫ ਦੇ ਅਫਸਰਾਂ ਤੇ ਜਵਾਨਾਂ ਨੇ ਨਿੱਘਾ ਸਵਾਗਤ ਕਰਦਿਆਂ ਸਲਾਮੀ ਦਿੱਤੀ। ਨਗਰ ਕੀਰਤਨ ਦੌਰਾਨ ਰਸਤੇ ਵਿੱਚ ਸਿੱਖ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਰਣਜੀਤ ਸਿੰਘ ਕਾਹਲੋਂ ਹਰਵਿੰਦਰ ਸਿੰਘ ਰਿੰਕੂ ਆਦਿ ਮੌਜੂਦ ਸਨ।

