ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਸਤੰਬਰ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਰੇਲਵੇ ਸਟੇਸ਼ਨ ਦੇ ਬਾਹਰ ਰੈਣ ਬਸੇਰੇ ’ਚ ਬਿਮਾਰ ਮਰੀਜ਼ਾਂ ਨੂੰ ਛੱਡਣ ਦੇ ਮਾਮਲੇ ਵਿਚ ਜਾਂਚ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ, ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਊਨ੍ਹਾਂ ਨੇ ਮਾਮਲੇ ਦੀ ਜਾਂਚ ਸਹਾਇਕ ਕਮਿਸ਼ਨਰ ਨੂੰ ਸੌਂਪਦਿਆਂ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈਐੱਸਆਈ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਛੱਡਣ ਅਤੇ ਉੱਥੇ ਸਿਹਤ ਸੇਵਾਵਾਂ ਤਰਸਯੋਗ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ, ਜਿਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀ ਹਸਪਤਾਲ ਦਾ ਦੌਰਾ ਕਰਨਗੇ। ਇਸ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੋਵਾਂ ਬੇਸਹਾਰਾ ਮਰੀਜ਼ਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਏਗੀ ਅਤੇ ਹਸਪਤਾਲ ਵਿਚ ਉਨ੍ਹਾਂ ਦੇ ਇਲਾਜ ਅਤੇ ਖੁਰਾਕ ਦਾ ਖਰਚਾ ਚੁੱਕੇਗੀ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਇੰਦਰਦੇਵ ਸਿੰਘ ਨੇ ਈਐੱਸਆਈ ਹਸਪਤਾਲ ਦਾ ਦੌਰਾ ਕੀਤਾ ਅਤੇ ਉੱਥੇ ਦਾਖ਼ਲ ਦੋਵਾਂ ਮਰੀਜ਼ਾਂ ਦੀ ਮਦਦ ਕੀਤੀ। ਸ੍ਰੀ ਸਿੰਘ ਨੇ ਕਿਹਾ ਕਿ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਮਰੀਜ਼ਾਂ ਨੂੰ ਨਵੇਂ ਕੱਪੜੇ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।