ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪਾਲ ਸਿੰਘ ਨੌਲੀ
ਜਲੰਧਰ, 26 ਨਵੰਬਰ
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਅੱਜ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੁੂ ਨਾਨਕ ਦੇਵ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀਆਂ ਭਰੀਆਂ ਤੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕੀਤਾ। ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਆਰੰਭ ਹੋ ਕੇ ਦਾਣਾ ਮੰਡੀ, ਤਲਵੰਡੀ ਪੁਲ ਚੌਕ, ਆਰਿਆ ਸਮਾਜ ਚੌਕ, ਚੇਲਿਆਂ ਵਾਲਾ ਚੌਕ, ਸਦਰ ਬਾਜ਼ਾਰ, ਗੁਰਦੁਆਰਾ ਹੱਟ ਸਾਹਿਬ ਤੇ ਹੋਰ ਕਈ ਥਾਵਾਂ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਨਗਰ ਕੀਰਤਨ ਦੇ ਰਾਹ ਵਿੱਚ ਕਈ ਥਾਈਂ ਸੰਗਤ ਨੇ ਲੰਗਰ ਲਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਨਗਰ ਕੀਰਤਨ ਦੀ ਸਮਾਪਤੀ ਮਗਰੋਂ ਸੰਗਤ ਬਾਬੇ ਨਾਨਕ ਦੀ ਪਵਿੱਤਰ ਵੇਈਂ ’ਤੇ ਵੀ ਨਤਮਸਤਕ ਹੋਈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਰਜਿੰਦਰ ਸਿੰਘ ਧਾਮੀ ਸਮੇਤ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਰਹੇ।
ਸ਼ਹਿਰ ਵਿੱਚ ਦਾਣਾ ਮੰਡੀ, ਸ਼ਹੀਦ ਊਧਮ ਸਿੰਘ ਚੌਕ, ਕਚਹਿਰੀ ਚੌਕ, ਬੀਡੀਪੀਓ ਦਫ਼ਤਰ ਸਾਹਮਣੇ, ਤਲਵੰਡੀ ਪੁਲ ਆਦਿ ਸਥਾਨਾਂ ’ਤੇ ਸੰਗਤ ਵੱਲੋਂ ਵਿਸ਼ਾਲ ਲੰਗਰ ਲਗਾਏ ਗਏ ਸਨ। ਗਲਾਈਡਰ ਰਾਹੀਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ’ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਕੈਪਟਨ ਹਰਮਿੰਦਰ ਸਿੰਘ ਹਲਕਾ ਇੰਚਾਰਜ ਅਕਾਲੀ ਦਲ, ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ‘ਆਪ’ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਧਾਮੀ ਵੱਲੋਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦਾ ਸੱਦਾ
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਿਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਸੁਤੰਤਰ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤ ’ਤੇ ਆਧਾਰਿਤ ਹੈ, ਜਿਸ ਵਿਚ ਲੰਗਰ ਪ੍ਰਥਾ ਦੇ ਨਾਲ-ਨਾਲ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਸਿਧਾਂਤ ਹਨ, ਜੋ ਮਨੁੱਖਤਾ ਨੂੰ ਸਦੀਵੀ ਸੇਧ ਦੇਣ ਵਾਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਵਧਾਈ ਦਿੰਦਿਆਂ ਮਨੁੱਖਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚੱਲੇ ਸਿੱਖ ਸੰਗਤ: ਗਿਆਨ ਹਰਪ੍ਰੀਤ ਸਿੰਘ
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਅੱਜ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਅੱਜ ਸਵੇਰੇ ਪਹਿਲਾਂ ਤਖ਼ਤ ਦਮਦਮਾ ਸਾਹਿਬ ਵਿਖੇ ਅਰਦਾਸ ਕਰਕੇ ਗੁਰੂੁ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਨੂੰ ਸੁੱਖਆਸਨ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਕੇ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਇਸ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਦਮਦਮਾ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਅਰਦਾਸ ਕਰਨ ਨਾਲ ਹੋਈ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ ਅਤੇ ਬਾਬਾ ਟੇਕ ਸਿੰਘ ਧਨੌਲਾ ਮੁਖੀ ਸੰਪਰਦਾਇ ਮਸਤੂਆਣਾ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਅੱਗੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਨਗਰ ਕੀਰਤਨ ਦੇ ਰਸਤੇ ਵਿੱਚ ਸ਼ਰਧਾਲੂਆਂ ਵੱਲੋਂ ਲੰਗਰ ਲਾਏ ਗਏ ਤੇ ਸਵਾਗਤੀ ਗੇਟ ਉਸਾਰੇ ਗਏ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਦੇ ਜੀਵਨ ਬਾਰੇ ਚਾਨਣਾ ਪਾਇਆ ਤੇ ਸਮੁੱਚੀ ਕੌਮ ਨੂੰ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਉਣ ਅਤੇ ਗੁਰੂੁ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅਪੀਲ ਕੀਤੀ। ਨਗਰ ਕੀਰਤਨ ਸ਼ਹਿਰ ’ਚੋਂ ਲੰਘਦਾ ਹੋਇਆ ਤਖ਼ਤ ਸਾਹਿਬ ਵਿਖੇ ਆ ਕੇ ਅਰਦਾਸ ਨਾਲ ਸੰਪੂਰਨ ਹੋਇਆ। ਨਗਰ ਕੀਰਤਨ ਵਿੱਚ ਭਾਈ ਅਮਰੀਕ ਸਿੰਘ ਕੋਟਸ਼ਮੀਰ ਸ਼੍ਰੋਮਣੀ ਕਮੇਟੀ ਮੈਂਬਰ, ਰਣਜੀਤ ਸਿੰਘ ਮੈਨੇਜਰ ਤਖ਼ਤ ਸਾਹਿਬ, ਜਗਪਾਲ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਦਫਤਰ, ਭੁਪਿੰਦਰ ਸਿੰਘ ਲਹਿਰੀ ਲੇਖਾਕਾਰ, ਕੁਲਵਿੰਦਰ ਸਿੰਘ ਬੰਗੀ ਆਦਿ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਸ਼ਰਧਾਲੂ ਹਾਜ਼ਰ ਸਨ।