ਸੀਵਰੇਜ ਸਮੱਸਿਆ ਨਾਲ ਜੂਝ ਰਹੇ ਨੇ ਲੰਬੜ ਕਲੋਨੀ ਦੇ ਲੋਕ
ਹਤਿੰਦਰ ਮਹਿਤਾ
ਜਲੰਧਰ, 16 ਜੂਨ
ਨਗਰ ਨਿਗਮ ਅਧੀਨ ਆਉਂਦੇ ਵਾਰਡ ਨੰਬਰ 14 ਦੀਪ ਨਗਰ ਲੰਬੜ ਕਲੋਨੀ ਦੇ ਲੋਕ ਸੀਵਰੇਜ ਦੀ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਇਸ ਸਮੱਸਿਆ ਨੂੰ ਲੈ ਕੇ ਸਥਾਨਕ ਲੋਕਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਗਿਆ। ਇਸ ਸਬੰਧੀ ਸਮਾਜ ਸੇਵਕ ਅਜੇ ਪੀਵਲ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਤੋਂ ਇਲਾਕੇ ਦੇ ਲੋਕ ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ ਹਨ ਤੇ ਕਈ ਵਾਰ ਨਿਗਮ ਅਧਿਕਾਰੀਆਂ ਨੂੰ ਇਸ ਸਬੰਧੀ ਸ਼ਿਕਾਇਤਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਕੋਈ ਅਧਿਕਾਰੀ ਜਾਂ ਸਰਕਾਰ ਦਾ ਕੋਈ ਨੁਮਾਇੰਦਾ ਲੋਕਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਉਨ੍ਹਾਂ ਦੱਸਿਆ ਕਿ ਸੀਵਰੇਜ ਅੰਦਰ ਦਾ ਗੰਦਾ ਪਾਣੀ ਗਟਰ ਤੋਂ ਨਿਕਲ ਕੇ ਇਲਾਕੇ ਦੀਆਂ ਗਲੀਆਂ ਤੇ ਘਰਾਂ ਅੰਦਰ ਵੜ ਚੁੱਕਾ ਹੈ। ਕੋਰੋਨਾ ਮਹਾਮਾਰੀ ਦੁਬਾਰਾ ਆਪਣੇ ਪੈਰ ਪਸਾਰ ਰਹੀ ਹੈ। ਲੋਕਾਂ ਨੂੰ ਖਾਸ ਕਰ ਕੇ ਬੱਚਿਆਂ ਤੇ ਬਜ਼ੁਰਗਾਂ ਦੀ ਜ਼ਿੰਦਗੀ ਖ਼ਤਰੇ ’ਚ ਚੱਲ ਰਹੀ ਹੈ। ਕਈ ਲੋਕ ਇਸ ਕਾਰਨ ਬਿਮਾਰੀਆਂ ਦੀ ਮਾਰ ਝੱਲਦਿਆਂ ਹਸਪਤਾਲਾਂ ’ਚ ਭਰਤੀ ਹੋ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਹੀ ਸੀਵਰੇਜ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਕੋਈ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਦਿਨਾਂ ’ਚ ਸਥਾਨਕ ਲੋਕਾਂ ਨੂੰ ਵੱਡੇ ਪੱਧਰ ’ਤੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਤੇ ਸਰਕਾਰ ਦੇ ਨੁਮਾਇੰਦਿਆਂ ਦੀ ਹੋਵੇਗੀ।