ਪਿਛਲੀਆਂ ਸਰਕਾਰਾਂ ਨੇ ਸਾਡੇ ’ਤੇ ‘ਚਿੱਟਾ ਕਲੰਕ’ ਛੱਡਿਆ: ਮੁੱਖ ਮੰਤਰੀ ਮਾਨ
ਕਿਹਾ, ਗੁਰਦਾਸਪੁਰ ਵਿੱਚ ਹੋਮ ਗਾਰਡ ਜਵਾਨ ਅਤੇ ਏਐਸਆਈ ਦਾ ਕਤਲ ਪਾਕਿਸਤਾਨ ਸਪਾਂਸਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਗੁਰਦਾਸਪੁਰ ਦੇ ਸਰਹੱਦੀ ਪਿੰਡ ਵਿੱਚ ਹੋਮ ਗਾਰਡ ਜਵਾਨ ਅਤੇ ਇੱਕ ਏਐਸਆਈ ਦਾ ਕਤਲ ਪਾਕਿਸਤਾਨ ਵੱਲੋਂ ਸਪਾਂਸਰਡ ਸੀ। ਉਹ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਪੰਜਾਬ ਪੁਲੀਸ ਦੇ ਨਵੇਂ ਭਰਤੀ ਹੋਏ ਜਵਾਨਾਂ ਦੀ ਪਾਸਿੰਗ ਆਊਟ ਪਰੇਡ ਤੋਂ ਬਾਅਦ ਉਨ੍ਹਾਂ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਜਿਸ ਨੇ ਪੁਲੀਸ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਉਸ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਬਾਕੀ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦੇ ਸਬੰਧ ਪਾਕਿਸਤਾਨ ਨਾਲ ਸਨ ਅਤੇ ਦੁਸ਼ਮਣ ਦੇਸ਼ ਪੰਜਾਬ ਰਾਹੀਂ ਭਾਰਤ ਨੂੰ ਪਰੇਸ਼ਾਨ ਕਰਦਾ ਰਹਿੰਦਾ ਹੈ, ਇਸੇ ਲਈ ਪੰਜਾਬ ਪੁਲੀਸ ਸਿਰਫ਼ ਪੰਜਾਬ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਸੇਵਾ ਕਰਦੀ ਹੈ ਕਿਉਂਕਿ ਇਹ ਸਰਹੱਦਾਂ ਭਾਰਤ ਦੇ ਪ੍ਰਵੇਸ਼ ਦੁਆਰ ਵਾਂਗ ਹਨ।
ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ, ‘‘ਉਨ੍ਹਾਂ ਨੇ ਸਾਡੇ 'ਤੇ ਇੱਕ ਕਲੰਕ ਛੱਡਿਆ ਹੈ, ਜਿਸ ਦਾ ਰੰਗ ਚਿੱਟਾ ਹੈ ਅਤੇ ਉਹ ਇਸ ਨੂੰ 'ਚਿੱਟਾ' ਕਹਿੰਦੇ ਹਨ, ਪਰ ਅਸੀਂ ਇਸ ਵਿਰੁੱਧ ਪੂਰੀ ਜ਼ਿੰਮੇਵਾਰੀ ਨਾਲ ਲੜਾਂਗੇ ਅਤੇ ਅਸੀਂ ਆਮ ਲੋਕਾਂ ਦੀ ਮਦਦ ਨਾਲ 'ਯੁੱਧ ਨਸ਼ਿਆਂ ਵਿਰੁੱਧ' ਦਾ ਦੂਜਾ ਸੰਸਕਰਣ ਸ਼ੁਰੂ ਕੀਤਾ ਹੈ।’’
ਉਨ੍ਹਾਂ ਸੜਕ ਸੁਰੱਖਿਆ ਫੋਰਸ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਜ਼ਿਕਰ ਕੀਤਾ ਹੈ ਕਿ ਪੰਜਾਬ ਵਿੱਚ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦੀ ਕਮੀ ਆਈ ਹੈ। ਮੁੱਖ ਮੰਤਰੀ ਨੇ ਪੁਲੀਸ ਜਵਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਪੁਲੀਸ ਅਪਰੇਸ਼ਨਾਂ ਦੌਰਾਨ 40-50 ਘੰਟੇ ਲਗਾਤਾਰ ਕੰਮ ਕਰਨ ਲਈ ਜਾਣੀ ਜਾਂਦੀ ਹੈ। ਇਸ ਮੌਕੇ ਮਾਨ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ ਅਤੇ ਡੀਜੀਪੀ ਪੰਜਾਬ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ 12,010 ਪੁਲੀਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਅਗਲੇ ਮਹੀਨੇ ਤੋਂ 1,900 ਹੋਰ ਜਵਾਨ ਸਿਖਲਾਈ ਲਈ ਸ਼ਾਮਲ ਹੋਣਗੇ, ਜਦਕਿ 3,400 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

