ਪਾਲ ਸਿੰਘ ਨੌਲੀ
ਜਲੰਧਰ, 19 ਜਨਵਰੀ
ਪੰਜਾਬ ਵਿਚ ਹਾਸ਼ੀਏ ’ਤੇ ਧੱਕੇ ਗਏ ਦਲਿਤਾਂ ਤੇ ਗਰੀਬਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਤੋਂ ਦੂਰ ਰੱਖਣ ਖ਼ਿਲਾਫ਼ ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਰਾਜਸੀ ਆਗੂਆਂ ਤੇ ਅਫ਼ਸਰਾਂ ਦੇ ਆਪਸੀ ਗੱਠਜੋੜ ਵਿਰੁੱਧ ਰੋਸ ਮੁਜ਼ਾਹਰੇ ਕਰਦਿਆਂ ਪੁਤਲੇ ਫੂਕੇ।
ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਤੇ ਕਮੇਟੀ ਆਗੂ ਬਿੱਕਰ ਸਿੰਘ ਸਰੋਆ ਨੇ ਦੱਸਿਆ ਕਿ ਪੁਤਲੇ ਫੂਕੇ ਮੁਜ਼ਾਹਰੇ ਭਲਕੇ 20 ਜਨਵਰੀ ਨੂੰ ਵੀ ਕੀਤੇ ਜਾਣਗੇ। ਉਕਤ ਆਗੂਆਂ ਨੇ ਕਿਹਾ ਕਿ ਜਦੋਂ ਵੀ ਬੇਜ਼ਮੀਨੇ ਲੋਕਾਂ ਵੱਲੋਂ ਜਮਹੂਰੀ ਢੰਗ ਨਾਲ ਆਪਣੇ ਅਧਿਕਾਰਾਂ ਦੀ ਗੱਲ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਉੱਪਰ ਗੁੰਡਿਆਂ ਤੋਂ ਹਮਲੇ ਅਤੇ ਝੂਠੇ ਕੇਸ ਮੜ੍ਹ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਲੜੇ ਗਏ ਸਾਂਝੇ ਸੰਘਰਸ਼ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਸੰਘਰਸ਼ਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਵਿਰੁੱਧ ਦਰਜ ਕੇਸ ਰੱਦ ਕਰਨ ਦੇ ਜਾਰੀ ਨੋਟੀਫਿਕੇਸ਼ਨ ਦੇ ਬਾਵਜੂਦ ਸੰਘਰਸ਼ ਵਾਲੇ ਖਿੱਤਿਆਂ ’ਚੋਂ ਪਰਚੇ ਰੱਦ ਨਹੀਂ ਕੀਤੇ ਜਾ ਰਹੇ।
ਇਸ ਦੌਰਾਨ ਉਨ੍ਹਾਂ ਕੋਆਪਰੇਟਿਵ ਸੁਸਾਇਟੀਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੈਂਬਰਸ਼ਿਪ ਦੇਣ, ਸੰਘਰਸ਼ਾਂ ਦੌਰਾਨ ਮਜ਼ਦੂਰਾਂ ਵਿਰੁੱਧ ਦਰਜ ਕੇਸ ਰੱਦ ਕਰਨ ਅਤੇ ਦਲਿਤ ਲੜਕੀ ਕੁਲਵੰਤ ਕੌਰ ਜਗਰਾਉਂ ਦੇ ਕਤਲ ਲਈ ਜ਼ਿੰਮੇਵਾਰ ਡੀਐੱਸਪੀ ਤੇ ਹੋਰਨਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਦਲਿਤ ਭਾਈਚਾਰੇ ਨੂੰ ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ਅਤੇ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿੱਚ ਹਿੱਸੇਦਾਰੀ ਅਤੇ ਦਲਿਤ ਲੜਕੀ ਕੁਲਵੰਤ ਕੌਰ ਜਗਰਾਉਂ ਦੇ ਕਤਲ ਲਈ ਕਥਿਤ ਜ਼ਿੰਮੇਵਾਰ ਪੁਲੀਸ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਅਤੇ ਪੁਲੀਸ ਦਾ ਕਰਤਾਰਪੁਰ ਵਿਚ ਰੋਸ ਮੁਜ਼ਾਹਰਾ ਕਰਕੇ ਪੁਤਲਾ ਫੂਕਿਆ ਗਿਆ।
ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਨੀਅਨ ਦੇ ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ ਤੇ ਕਿਸਾਨ ਆਗੂ ਵੀਰ ਕੁਮਾਰ ਜੀਵਨ ਸੱਭਰਵਾਲ ਨੇ ਸੰਬੋਧਨ ਕੀਤਾ।