ਪੱਤਰ ਪ੍ਰੇਰਕ
ਜਲੰਧਰ, 24 ਸਤੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਸ਼ਹਿਰ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਨੈੱਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਵਿਰਕ ਐਨਕਲੇਵ ਅਤੇ ਟਾਵਰ ਐਨਕਲੇਵ ਵਿੱਚ 45-45 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਨ੍ਹਾਂ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸੁਚੱਜਾ ਸੜਕੀ ਸੰਪਰਕ ਬਣਾਉਣ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕੀ ਪ੍ਰਾਜੈਕਟਾਂ ਵਿੱਚ ਗੁਣਵੱਤਾ ਦਾ ਪੂਰਾ ਧਿਆਨ ਰੱਖਦੇ ਹੋਏ ਨਿਰਧਾਰਤ ਸਮੇਂ ਦੇ ਅੰਦਰ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਇਹ ਸਹੂਲਤ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।
ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ 28 ਸਤੰਬਰ ਨੂੰ ਲੱਗਣ ਵਾਲੇ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਸਬੰਧੀ ਸਮੁੱਚੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਬੀਤੀ ਰਾਤ ਇੱਥੇ ਮੰਦਰ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਮੇਲੇ ਦੌਰਾਨ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਮੰਦਰ ਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ। ਕੂੜੇ ਲਈ ਬਾਕਾਇਦਾ ਡਸਟਬਿਨ ਰੱਖੇ ਜਾਣ ਅਤੇ ਕੂੜਾ ਚੁੱਕਣ ਲਈ ਕਰਮਚਾਰੀ ਤਾਇਨਾਤ ਕੀਤੇ ਜਾਣ। ਉਨ੍ਹਾਂ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਢੁੱਕਵੇਂ ਪ੍ਰਬੰਧ ਕਰਨ, ਆਰਜ਼ੀ ਪਖਾਨਿਆਂ ਦੀ ਸਥਾਪਨਾ, ਸਟ੍ਰੀਟ ਲਾਈਟਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਵੀ ਦਿੱਤੇ।