ਦੋ ਦਲਿਤ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਗ਼ਲਤ ਕੰਮ ਕਰਨ ਲਈ ਕੀਤਾ ਮਜਬੂਰ ਤੇ ਦਿੱਤੀਆਂ ਧਮਕੀਆਂ; ਪੀੜਤ ਨੌਜਵਾਨਾਂ ਦੇ ਪਰਿਵਾਰਾਂ ਨੇ ਦਿੱਤਾ ਸੀ ਥਾਣੇ ਦੇ ਬਾਹਰ ਧਰਨਾ
ਹਤਿੰਦਰ ਮਹਿਤਾ
ਜਲੰਧਰ, 30 ਅਪਰੈਲ
ਦਿਹਾਤੀ ਪੁਲੀਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮਹਿਤਪੁਰ ਥਾਣੇ ਦੇ ਐਸਐਚਓ ਅਤੇ ਇੱਕ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਮਹਿਤਪੁਰ ਥਾਣੇ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਵਿਰੁੱਧ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਧਮਕੀਆਂ ਦੇਣ ਅਤੇ ਉਨ੍ਹਾਂ ਤੋਂ ਗਲਤ ਕੰਮ ਕਰਵਾਉਣ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ।
ਜਦੋਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੂੰ ਸ਼ਿਕਾਇਤ ਮਿਲੀ ਤਾਂ ਉਨ੍ਹਾਂ ਨੇ ਦੋਵਾਂ ਨੂੰ ਫ਼ੌਰੀ ਤੌਰ ’ਤੇ ਮੁਅੱਤਲ ਕਰ ਦਿੱਤਾ ਅਤੇ ਉਨ੍ਹਾਂ ਨੂੰ ਪੁਲੀਸ ਲਾਈਨ ਵਿੱਚ ਰਿਪੋਰਟ ਕਰਨ ਲਈ ਕਿਹਾ। ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸੋਮਵਾਰ ਦੇਰ ਰਾਤ ਥਾਣੇ ਦੇ ਬਾਹਰ ਧਰਨਾ ਦਿੱਤਾ ਸੀ ਅਤੇ ਪੁਲੀਸ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
ਪਰਿਵਾਰ ਨੇ ਫਿਰ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਪੁਲੀਸ ਅਧਿਕਾਰੀ ਵੀ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ। ਜਦੋਂ ਵਿਰੋਧ ਸ਼ੁਰੂ ਹੋਇਆ ਤਾਂ ਡੀਐਸਪੀ ਓਂਕਾਰ ਸਿੰਘ ਬਰਾੜ ਮੌਕੇ ’ਤੇ ਪਹੁੰਚੇ ਅਤੇ ਕਿਸੇ ਤਰ੍ਹਾਂ ਸਥਿਤੀ ਨੂੰ ਸ਼ਾਂਤ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਜਲਦੀ ਹੀ ਮਾਮਲੇ ਵਿੱਚ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ।
ਨਗਰ ਪੰਚਾਇਤ ਮਹਿਤਪੁਰ ਦੇ ਮੈਂਬਰਾਂ ਨੇ ਡੀਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਅਤੇ ਦੱਸਿਆ ਕਿ ਮਹਿਤਪੁਰ ਥਾਣੇ ਵਿੱਚ ਐਸਐਚਓ ਦੀ ਮੌਜੂਦਗੀ ਵਿੱਚ ਦਲਿਤ ਭਾਈਚਾਰੇ ਦੇ ਨੌਜਵਾਨਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਇੱਕ ਦੂਜੇ ਨਾਲ ਅਸ਼ਲੀਲ ਹਰਕਤਾਂ ਕਰਨ ਲਈ ਕਿਹਾ ਗਿਆ। ਜਦੋਂ ਇਹ ਮਾਮਲਾ ਲੋਕਾਂ ਤੱਕ ਪਹੁੰਚਿਆ ਤਾਂ ਉਹ ਮਹਿਤਪੁਰ ਥਾਣੇ ਵਿੱਚ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ।
ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਵਿੱਚ 4-5 ਲੋਕ ਸ਼ਾਮਲ ਸਨ ਪਰ ਹੁਣ ਤੱਕ ਸਿਰਫ਼ ਦੋ ਲੋਕਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ, ਬਾਕੀ ਮੁਲਾਜ਼ਮਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਘਟਨਾ ਦੀ ਜਾਂਚ ਜਾਰੀ: ਡੀਐਸਪੀ ਓਂਕਾਰ ਸਿੰਘ ਬਰਾੜ
ਇਸ ਮਾਮਲੇ ਵਿੱਚ ਡੀਐਸਪੀ ਓਂਕਾਰ ਸਿੰਘ ਬਰਾੜ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਜਾਂਚ ਚੱਲ ਰਹੀ ਹੈ। ਜੇ ਇਸ ਵਿੱਚ ਕੋਈ ਹੋਰ ਕਰਮਚਾਰੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।