ਪੰਜਾਬ ਪੁਲੀਸ ਨੇ ISI ਸਮਰਥਿਤ BKI ਦੇ ਅਤਿਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼
ਮੁੱਖ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 86-ਪੀ ਹੈਂਡ ਗ੍ਰਨੇਡ ਬਰਾਮਦ
ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ ਜੀ ਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਸਰਹੱਦ ਪਾਰ ਦੇ ਅਤਿਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ ਆਈ) ਜਲੰਧਰ ਨੇ ਨਵਾਂਸ਼ਹਿਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈ ਐੱਸ ਆਈ (ISI) ਸਮਰਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਸ ਦੌਰਾਨ ਇੱਕ ਮੁੱਖ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਜੋਲਾ, ਪਿੰਡ ਬੈਰਸੀਆਂ, ਨਵਾਂਸ਼ਹਿਰ ਦੇ ਵਾਸੀ ਵਜੋਂ ਹੋਈ ਹੈ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਕਹਿਣ 'ਤੇ ਜਲੰਧਰ ਵਿੱਚ ਆਦਮਪੁਰ ਨੇੜੇ ਇੱਕ 'ਡੈੱਡ ਲੇਟਰ ਬਾਕਸ' (DLB) ਤੋਂ ਹੈਂਡ ਗ੍ਰਨੇਡ ਦੀ ਖੇਪ ਹਾਸਲ ਕੀਤੀ ਸੀ।
ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਭਰੋਸੇਯੋਗ ਸੂਚਨਾਵਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਸ਼ੱਕੀ ਲਖਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਕਿਹਾ ਕਿ ਵਿਦੇਸ਼ੀ ਹੈਂਡਲਰਾਂ, ਸਥਾਨਕ ਸਹਾਇਤਾ ਨੈੱਟਵਰਕਾਂ ਅਤੇ ਅੱਗੇ-ਪਿੱਛੇ ਦੇ ਸਬੰਧਾਂ ਸਮੇਤ ਪੂਰੇ ਅਤਿਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਥਾਣਾ ਸਦਰ ਨਵਾਂਸ਼ਹਿਰ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 113(1) ਅਤੇ 113(3) ਅਤੇ ਵਿਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐੱਫ ਆਈ ਆਰ (FIR) ਦਰਜ ਕਰ ਲਈ ਗਈ ਹੈ।

