DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਨੂੰ ਅੱਜ ਵੀ ਆਪਣੇ ਹੱਕਾਂ ਲਈ ਲੜਨਾ ਪੈ ਰਿਹੈ: ਭਗਵੰਤ ਮਾਨ

ਆਰਡੀਐੱਫ ਤੇ ਮਾਰਕੀਟ ਫੀਸ ਦੇ ਬਕਾਇਆਂ ਲਈ ਕੇਂਦਰ ਸਰਕਾਰ ਨੂੰ ਘੇਰਿਆ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿਚ ਰੱਖੇ ਸਰਕਾਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਪੀਟੀਆਈ
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮਨਰੇਗਾ ਅਤੇ ਪੇਂਡੂ ਵਿਕਾਸ ਫੰਡਾਂ ਦੇ ਬਕਾਇਆ ਮੁੱਦੇ ’ਤੇ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਅੱਜ ਵੀ ਆਪਣੇ ਹੱਕਾਂ ਲਈ ਲੜਨਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਇਸ ਵੇਲੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ।

ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਵੀ ਦਿੱਤੀ ਜੋ ਆਪਣੇ ਨਾਪਾਕ ਮਨਸੂਬਿਆਂ ਨਾਲ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਕੀਮਤ 'ਤੇ ਸਦਭਾਵਨਾ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਵਚਨਬੱਧ ਹੈ। ਮਾਨ ਨੇ ਆਪਣੀ ਸਰਕਾਰ ਵੱਲੋਂ ਕੀਤੇ ਗਏ ਕਈ ਉਪਰਾਲਿਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਨੌਜਵਾਨਾਂ ਲਈ ਮੁਫ਼ਤ ਬਿਜਲੀ ਅਤੇ ਸਰਕਾਰੀ ਨੌਕਰੀਆਂ ਅਤੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮਾਂ ਸ਼ਾਮਲ ਹਨ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅੰਨਦਾਤਾ ਅਤੇ ਦੇਸ਼ ਦੀ ਤਲਵਾਰ ਭੁਜਾ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ, ‘‘ਦੇਸ਼ ਦੀ ਤਰੱਕੀ ਲਈ, ਅਸੀਂ (ਪੰਜਾਬ) ਇਸ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਇਆ। ਸਾਡਾ ਜ਼ਮੀਨਦੋਜ਼ ਪਾਣੀ ਖਤਮ ਹੋ ਗਿਆ, ਅਤੇ ਸਾਡੇ ਦਰਿਆਵਾਂ ਦਾ ਪਾਣੀ ਵੀ ਪ੍ਰਦੂਸ਼ਿਤ ਹੋ ਗਿਆ।’’ ਉਨ੍ਹਾਂ ਕਿਹਾ, ‘‘ਮੈਨੂੰ ਇਹ ਕਹਿੰਦੇ ਹੋਏ ਦੁੱਖ ਹੋ ਰਿਹਾ ਹੈ ਕਿ ਵੱਧ ਤੋਂ ਵੱਧ ਕੁਰਬਾਨੀਆਂ ਕਰਨ ਦੇ ਬਾਵਜੂਦ, ਸਾਡੇ ਸੂਬੇ ਨਾਲ ਲਗਾਤਾਰ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪੰਜਾਬ ਨੂੰ ਅੱਜ ਵੀ ਆਪਣੇ ਹੱਕਾਂ ਲਈ ਲੜਨਾ ਪੈ ਰਿਹਾ ਹੈ, ਅਤੇ ਇਹ ਅਦਾਲਤਾਂ ਦੇ ਦਰਵਾਜ਼ੇ ਖੜਕਾ ਰਿਹਾ ਹੈ।’’

Advertisement

ਉਨ੍ਹਾਂ ਦੋਸ਼ ਲਾਇਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ ’ਤੇ ਪੰਜਾਬ ਦੇ ਹੱਕ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ, ਜਿਸ ਨੂੰ ਉਨ੍ਹਾਂ ਸਫਲ ਨਹੀਂ ਹੋਣ ਦਿੱਤਾ। ਮਾਨ ਨੇ ਕਿਹਾ ਕਿ ਕੇਂਦਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਯੋਜਨਾ ਦਾ ਸਿਰਫ਼ ਨਾਮ ਨਹੀਂ ਬਲਕਿ ਇਸ ਦਾ ਪੂਰਾ ਢਾਂਚਾ ਵੀ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕਰਕੇ ਅਨੁਸੂਚਿਤ ਜਾਤੀ ਦੇ ਮਜ਼ਦੂਰਾਂ, ਔਰਤਾਂ ਅਤੇ ਭੂਮੀਹੀਣ ਪਰਿਵਾਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 19.85 ਲੱਖ ਲੋਕ ਮਨਰੇਗਾ ਮਜ਼ਦੂਰਾਂ ਵਜੋਂ ਰਜਿਸਟਰਡ ਹਨ ਅਤੇ ਜਿਨ੍ਹਾਂ ਵਿੱਚੋਂ 12.65 ਲੱਖ ਅਨੁਸੂਚਿਤ ਜਾਤੀ ਪਰਿਵਾਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਹੈ। ਮਾਨ ਨੇ ਕਿਹਾ, ‘‘ਅਸੀਂ ਪੰਜਾਬ ਦੇ ਹੱਕਾਂ ਲਈ ਲੜ ਰਹੇ ਹਾਂ ਅਤੇ ਆਪਣੀ ਆਵਾਜ਼ ਬੁਲੰਦ ਕਰ ਰਹੇ ਹਾਂ, ਭਾਵੇਂ ਇਹ ਵਿਧਾਨ ਸਭਾ ਰਾਹੀਂ ਹੋਵੇ ਜਾਂ ਕਿਸੇ ਹੋਰ ਤਰੀਕੇ ਨਾਲ।’’ ਉਨ੍ਹਾਂ ਨੇ ਰਾਜ ਨੂੰ ਦਿਹਾਤੀ ਵਿਕਾਸ ਫੰਡ (ਆਰਡੀਐਫ) ਜਾਰੀ ਨਾ ਕੀਤੇ ਜਾਣ ਵੱਲ ਵੀ ਇਸ਼ਾਰਾ ਕੀਤਾ।

ਮੁੱਖ ਮੰਤਰੀ ਨੇ ਕਿਹਾ, ‘‘ਸਾਡੇ ਆਰਡੀਐਫ ਫੰਡ ਰੋਕ ਦਿੱਤੇ ਗਏ ਹਨ। ਸੰਵਿਧਾਨ ਸਾਰੇ ਰਾਜਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦਾ ਜ਼ਿਕਰ ਕਰਦਾ ਹੈ। ਫਿਰ ਵੀ, ਸਾਨੂੰ ਆਪਣੇ ਅਧਿਕਾਰ ਪ੍ਰਾਪਤ ਕਰਨ ਲਈ ਸੰਘਰਸ਼ ਕਰਨਾ ਪੈਂਦਾ ਹੈ।’’

ਪਿਛਲੇ ਮਹੀਨੇ ਮਾਨ ਨੇ ਵਿਕਸਤ ਭਾਰਤ ਗਰੰਟੀ ਰੁਜ਼ਗਾਰ ਅਤੇ ਅਜੀਵਿਕਾ ਮਿਸ਼ਨ ਗ੍ਰਾਮੀਣ (ਵੀਬੀ-ਜੀ ਰਾਮ ਜੀ) ਦੇ ਮੁੱਦੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਤਿੱਖੀ ਨੁਕਤਾਚੀਨੀ ਕੀਤੀ ਸੀ। ਉਨ੍ਹਾਂ ਭਾਜਪਾ ’ਤੇ ਗਰੀਬਾਂ ਤੋਂ ਭੋਜਨ ‘ਖੋਹਣ’ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ’ਤੇ ‘ਡਾਕਾ’ ਮਾਰਨ ਦੀ ਇਜਾਜ਼ਤ ਨਹੀਂ ਦੇਵੇਗੀ।

ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਵਿੱਚ ਮਾਨ ਨੇ ਕੇਂਦਰ ਵੱਲੋਂ 9,031 ਕਰੋੜ ਰੁਪਏ ਦੀ ਆਰਡੀਐਫ ਅਤੇ 2,267.83 ਕਰੋੜ ਰੁਪਏ ਦੀ ਮਾਰਕੀਟ ਫੀਸ ਦਾ ਭੁਗਤਾਨ ਨਾ ਕਰਨ ਦਾ ਮੁੱਦਾ ਉਠਾਇਆ ਸੀ। ਮਾਨ ਨੇ ਦਾਅਵਾ ਕੀਤਾ ਸੀ ਕਿ ਬਕਾਇਆਂ ਦਾ ਭੁਗਤਾਨ ਨਾ ਹੋਣ ਕਰਕੇ ਰਾਜ ਵਿੱਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਅਸਰ ਪੈ ਰਿਹਾ ਹੈ।

ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿੱਚ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਵੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਹਥਿਆਰਬੰਦ ਬਲਾਂ ਨੂੰ ਸਲਾਮ ਕੀਤਾ।

Advertisement
×