ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਜੂਨ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਲੋਨੀਆਂ ਖ਼ਿਲਾਫ਼ ਅਪਣਾਏ ਸਖ਼ਤ ਰੁਖ਼ ਤੋਂ ਬਾਅਦ ਜਲੰਧਰ ਵਿਕਾਸ ਅਥਾਰਟੀ (ਜੇਡੀਏ) ਨੂੰ ਉਨ੍ਹਾਂ ਕਲੋਨਾਈਜ਼ਰਾਂ ਪਾਸੋਂ 8.10 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਿਨ੍ਹਾਂ ਦੀਆਂ ਕਲੋਨੀਆਂ ਨੂੰ ਨਿਯਮਿਤ ਕਰਨ ਸਬੰਧੀ ਅਰਜ਼ੀਆਂ ਵਿਭਾਗ ਪਾਸ ਲੰਬਿਤ ਸਨ। ਇਸ ਸਬੰਧੀ ਡੀਸੀ-ਕਮ-ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਦੋ ਕਲੋਨਾਈਜ਼ਰਾਂ ਵੱਲੋਂ ਕੁੱਲ 8.10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ, ਜਿਨ੍ਹਾਂ ਦੀਆਂ ਅਰਜ਼ੀਆਂ ਅਥਾਰਟੀ ਵੱਲੋਂ ਪ੍ਰਵਾਨਗੀ ਲਈ ਪ੍ਰਕਿਰਿਆ ਅਧੀਨ ਸਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਗੈਰ-ਕਾਨੂੰਨੀ/ਅਣ-ਅਧਿਕਾਰਤ ਕਲੋਨੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲੀਸ ਵਿਭਾਗ ਨੂੰ ਅਜਿਹੀਆਂ 99 ਕਲੋਨੀਆਂ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਕਿਹਾ ਗਿਆ ਹੈ, ਜੋ ਗੈਰ-ਕਾਨੂੰਨੀ ਢੰਗ ਨਾਲ ਕੱਟੀਆਂ ਗਈਆਂ ਹਨ।
ਸ੍ਰੀ ਥੋਰੀ ਨੇ ਕਲੋਨਾਈਜ਼ਰਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਕੋਲ ਲੋੜੀਂਦੀਆਂ ਫ਼ੀਸਾਂ ਅਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੀਆਂ ਪ੍ਰਕਿਰਿਆ ਅਧੀਨ ਅਰਜ਼ੀਆਂ ਨੂੰ ਮੁਕੰਮਲ ਕਰਨ ਲਈ ਤੁਰੰਤ ਜੇਡੀਏ ਕੋਲ ਪਹੁੰਚ ਕਰਨ ਅਤੇ ਅਜਿਹਾ ਨਾ ਕਰਨ ’ਤੇ ਉਨ੍ਹਾਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਬੰਧਤ ਕਲੋਨਾਈਜ਼ਰ ਬਕਾਇਆ ਦਰਖਾਸਤਾਂ ਦੇ ਸਬੰਧ ਵਿੱਚ ਜੇਡੀਏ ਦੇ ਅਸਟੇਟ ਅਫ਼ਸਰ ਚੰਦਰ ਸ਼ੇਖਰ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 81960-40008 ’ਤੇ ਸੰਪਰਕ ਕਰ ਸਕਦੇ ਹਨ।