ਤਿੰਨ ਦਿਨ ਮੀਂਹ ਮਗਰੋਂ ਜਲੰਧਰ ਵਾਸੀਆਂ ਨੂੰ ਰਾਹਤ
ਲਗਪਗ 72 ਘੰਟਿਆਂ ਤੋਂ ਵੱਧ ਸਮੇਂ ਤੱਕ ਹੋਈ ਭਾਰੀ ਬਾਰਿਸ਼ ਤੋਂ ਬਾਅਦ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਲੰਧਰ ਨਗਰ ਨਿਗਮ ਦੇ ਸਾਂਝੇ ਯਤਨਾਂ ਸਦਕਾ ਵਸਨੀਕਾਂ ਨੂੰ ਰਾਹਤ ਮਿਲੀ ਅਤੇ ਹਾਲਾਤ ਹੌਲੀ-ਹੌਲੀ ਆਮ ਵਾਂਗ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਅਧਿਕਾਰੀਆਂ ਨੇ ਪਾਣੀ ਦੀ ਨਿਕਾਸੀ, ਟੋਇਆਂ ਦੀ ਮੁਰੰਮਤ ਕਰਨ ਅਤੇ ਉਨ੍ਹਾਂ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਮਿਸ਼ਨ ਮੋਡ ’ਤੇ ਕੰਮ ਕੀਤਾ, ਜਿਨ੍ਹਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਭਰ ਗਿਆ ਸੀ। ਵਸਨੀਕਾਂ ਦੀ ਅਸੁਵਿਧਾ ਨੂੰ ਘੱਟ ਤੋਂ ਘੱਟ ਕਰਨ ਅਤੇ ਸ਼ਹਿਰ ਵਿੱਚ ਆਮ ਹਾਲਾਤ ਬਹਾਲ ਕਰਨ ਲਈ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜੁਆਇੰਟ ਕਮਿਸ਼ਨਰ ਡਾ. ਮਨਦੀਪ ਕੌਰ ਅਤੇ ਸੁਮਨਦੀਪ ਕੌਰ ਦੀ ਅਗਵਾਈ ਵਾਲੀਆਂ ਟੀਮਾਂ ਨੇ ਤਾਲਮੇਲ ਵਾਲੀ ਰਣਨੀਤੀ ਅਪਣਾਈ।ਪਾਣੀ ਜਮ੍ਹਾ ਹੋਣ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਰੀ ਬਾਰਿਸ਼ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਥਿਤੀ ’ਤੇ ਨਜ਼ਰ ਰੱਖਣ ਲਈ 6 ਐਸ.ਡੀ.ਓਜ਼. ਦੇ ਨਾਲ 10 ਜੇ.ਈਜ਼ ਨੂੰ ਤਾਇਨਾਤ ਕੀਤਾ ਗਿਆ ਸੀ। ਮੀਂਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੇ 375 ਕਰਮਚਾਰੀਆਂ ਨੂੰ ਕੰਮ ’ਤੇ ਲਗਾਇਆ ਗਿਆ। ਪੰਪਿੰਗ ਸਟੇਸ਼ਨਾਂ ਦੇ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਸਾਰੇ ਐਸ.ਟੀ.ਪੀਜ਼. ’ਤੇ ਜੈਨਸੈੱਟ ਵੀ ਉਪਲਬਧ ਰੱਖੇ ਗਏ ਸਨ। ਟਿਊਬਵੈੱਲਾਂ ਨੂੰ ਕਲੋਰੀਨੇਟ ਕੀਤਾ ਗਿਆ।