ਪੱਤਰ ਪ੍ਰੇਰਕ
ਜਲੰਧਰ, 27 ਮਾਰਚ
ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਰਿੰਕੂ ਪੁਰਾਣੇ ‘ਆਇਆ ਰਾਮ ਗਿਆ ਰਾਮ’ ਵਰਤਾਰੇ ਦਾ ਪ੍ਰਤੀਕ ਸੀ ਕਿਉਂਕਿ ਉਹ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਇਆ ਸੀ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਨੇ ਸ੍ਰੀ ਮਾਨ ਦੇ ਵਿਕਾਸ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੁਸ਼ੀਲ ਰਿੰਕੂ ਨੇ ਕਾਂਗਰਸ ਦੀ ਟਿਕਟ ’ਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ ਅਤੇ ਫਿਰ 2023 ਦੀ ਜਲੰਧਰ ਉਪ ਚੋਣ ਤੋਂ ਪਹਿਲਾਂ ‘ਆਪ’ ਵਿੱਚ ਚਲੇ ਗਏ ਸਨ।