
ਜਲੰਧਰ ’ਚ ਵਿਦਿਆਰਥੀਆਂ ਨਾਲ ਧੱਕਾ-ਮੁੱਕੀ ਕਰਦੀ ਹੋਈ ਪੁਲੀਸ। -ਫੋਟੋ: ਮਲਕੀਅਤ ਸਿੰਘ
ਹਤਿੰਦਰ ਮਹਿਤਾ
ਜਲੰਧਰ, 26 ਮਈ
ਇੱਥੇ ਅੱਜ ਸਵੇਰੇ ਖਾਲਸਾ ਕਾਲਜ ਦੇ ਐੱਸਸੀ ਵਿਦਿਆਰਥੀ ਜਦੋਂ ਆਪਣੀਆਂ ਮੰਗਾਂ ਮਨਵਾਉਣ ਲਈ ਬੀਐੱਸਐੱਫ ਚੌਕ ਵਿੱਚ ਧਰਨਾ ਦੇਣ ਲੱਗੇ ਤਾਂ ਉਨ੍ਹਾਂ ਦੀ ਪੁਲੀਸ ਨਾਲ ਝੜਪ ਹੋ ਗਈ। ਇਸ ਦੌਰਾਨ ਪੁਲੀਸ ਨੇ ਕੁੱਝ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਦੋ ਵਿਦਿਆਰਥੀਆਂ ਦੇ ਅੱਜ ਪੇਪਰ ਹੋਣ ਕਾਰਨ ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਕਾਲਰਸ਼ਿਪ ਨਾ ਮਿਲਣ ਕਾਰਨ ਖਾਲਸਾ ਕਾਲਜ ਦੇ ਐੱਸਸੀ ਵਿਦਿਆਰਥੀ ਅੱਜ ਸਵੇਰੇ ਜਦੋਂ ਬੀਐੱਸਐੱਫ ਚੌਕ ਵਿੱਚ ਹਾਈਵੇਅ ਜਾਮ ਕਰਨ ਲੱਗੇ ਤਾਂ ਇਸ ਦੀ ਭਿਣਕ ਥਾਣਾ ਨਵੀਂ ਬਾਰਾਂਦਰੀ ਦੀ ਪੁਲੀਸ ਨੂੰ ਪੈ ਗਈ। ਇਸ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਵਿਦਿਆਰਥੀਆਂ ਨੂੰ ਖਦੇੜਨ ਲਈ ਧੱਕਾ-ਮੁੱਕੀ ਕੀਤੀ ਤੇ ਕੁੱਝ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਆਈ। ਕੁੱਝ ਸਮੇਂ ਬਾਅਦ ਹਿਰਾਸਤ ਵਿਚ ਲਈਆਂ ਵਿਦਿਆਰਥਣਾਂ ਨੂੰ ਛੱਡ ਦਿੱਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਐੱਸਸੀ ਸਕਾਲਰਸ਼ਿਪ ਦਾ ਪੈਸਾ ਨਹੀਂ ਭੇਜਿਆ, ਜਿਸ ਕਾਰਨ ਉਨ੍ਹਾਂ ਨੂੰ ਸਕੂਲਾਂ, ਕਾਲਜਾਂ ਵਿਚ ਦਾਖਲਾ ਲੈਣ ਲਈ ਪ੍ਰੇਸ਼ਾਨੀ ਆ ਰਹੀ ਹੈ। ਇਸੇ ਦੌਰਾਨ ਮੌਕੇ ’ਤੇ ਪਹੁੰਚੇ ਅਕਾਲੀ ਦਲ ਦੇ ਆਗੂ ਪਵਨ ਕੁਮਾਰ ਟੀਨੂ ਨੇ ਕਿਹਾ ਕਿ ‘ਆਪ’ ਵੱਲੋਂ ਵਿਦਿਆਰਥੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਿਰਫ ਨਾਅਰੇਬਾਜ਼ੀ ਕਰ ਰਹੇ ਸਨ ਕਿ ਪੁਲੀਸ ਨੇ ਆ ਕੇ ਉਨ੍ਹਾਂ ਨਾਲ ਧੱਕਾਮੁਕੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਦੇ ਮੋਬਾਈਲ ਖੋਹ ਲਏ। ਥਾਣਾ ਨਵੀਂ ਬਾਰਾਂਦਰੀ ਦੇ ਮੁਖੀ ਨੇ ਕਿਹਾ ਕਿ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਧਰਨਾ ਨਾ ਲਗਾਉਣ ਦੀ ਅਪੀਲ ਕੀਤੀ ਸੀ ਕਿ ਪਰ ਕੁਝ ਵਿਦਿਆਰਥੀ ਉਨ੍ਹਾਂ ਨਾਲ ਗਲਤ ਸ਼ਬਦਾਬਲੀ ਦੀ ਵਰਤੋਂ ਕਰਨ ਲੱਗੇ, ਜਿਸ ਕਾਰਨ ਉਨ੍ਹਾਂ ਨੂੰ ਕਾਰਵਾਈ ਕਰਨੀ ਪਈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ