ਪਾਲ ਸਿੰਘ ਨੌਲੀ
ਜਲੰਧਰ, 11 ਅਪਰੈਲ
ਕਰੋਨਾ ਕਾਰਨ ਲੱਗੇ ਰਾਤ ਦੇ ਕਰਫਿਊ ਦੌਰਾਨ ਇਥੋਂ ਦੇ ਮਾਡਲ ਹਾਊਸ ਨੇੜੇ ਮਾਤਾ ਰਾਣੀ ਚੌਕ ’ਚ ਲਾਏ ਨਾਕੇ ’ਤੇ ਕੁਝ ਨੌਜਵਾਨਾਂ ਨੇ ਥਾਣਾ ਭਾਰਗੋਂ ਕੈਂਪ ਦੇ ਐੱਸਐੱਚਓ ਭਗਵੰਤ ਸਿੰਘ ਭੁੱਲਰ ਦੀ ਕੁੱਟਮਾਰ ਕੀਤੀ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਹਦਾਇਤ ਮਿਲਣ ਮਗਰੋਂ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋ ਫਰਾਰ ਹਨ। ਜ਼ਿਕਰਯੋਗ ਹੈ ਕਿ ਸਮੁੱਚੇ ਪੰਜਾਬ ਵਿੱਚ ਰਾਤ ਨੌਂ ਵਜੇ ਤੋਂ ਸਵੇਰੇ ਪੰਜ ਵਜੇ ਤਕ ਕਰਫ਼ਿਊ ਲੱਗਾ ਹੈ। ਲੰਘੀ ਦੇਰ ਰਾਤ ਮਾਡਲ ਹਾਊਸ ਇਲਾਕੇ ਵਿੱਚ ਜਦੋਂ ਇੰਸਪੈਕਟਰ ਭਗਵੰਤ ਸਿੰਘ ਭੁੱਲਰ ਨੇ ਰਾਤ ਦੇ ਕਰਫਿਊ ਦੀ ਉਲੰਘਣਾ ਕਰ ਰਹੇ ਨੌਜਵਾਨਾਂ ਨੂੰ ਟੋਕਿਆ ਤਾਂ ਉਨ੍ਹਾਂ ਥਾਣੇਦਾਰ ਦੀ ਕੁੱਟਮਾਰ ਕੀਤੀ ਅਤੇ ਵਰਦੀ ਪਾੜ ਦਿੱਤੀ। ਪੁਲੀਸ ਮੁਲਾਜ਼ਮ ’ਤੇ ਹੋਏ ਇਸ ਹਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਬਾਕੀ ਦੋ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਕਮਿਸ਼ਨਰ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ।
ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਗਏ ਦੋ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਦੋ ਸਾਥੀ ਹਰਮਨਦੀਪ ਸਿੰਘ ਅਤੇ ਅਵਤਾਰ ਮੌਕੇ ਤੋਂ ਫਰਾਰ ਗਏ ਸਨ। ਪੁਲੀਸ ਵੱਲੋਂ ਫਰਾਰ ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।