ਜਲੰਧਰ ਵਿੱਚ ਚਾਰ ਵਿਧਾਇਕਾਂ ਦੇ ਘਰਾਂ ਅੱਗੇ ਨਾਅਰੇਬਾਜ਼ੀ

ਜਲੰਧਰ ਵਿੱਚ ਚਾਰ ਵਿਧਾਇਕਾਂ ਦੇ ਘਰਾਂ ਅੱਗੇ ਨਾਅਰੇਬਾਜ਼ੀ

ਵਿਧਾਇਕ ਰਾਜਿੰਦਰ ਬੇਰੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਯੁਵਾ ਮੋਰਚਾ ਦੇ ਕਾਰਕੁਨ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 7 ਅਗਸਤ

ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਵੱਡੇ ਦੁਖਾਂਤ ਵਿੱਚ ਘਿਰੀ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਆਈ ਹੋਈ ਹੈ। ਭਾਰਤੀ ਯੁਵਾ ਮੋਰਚਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਬਲਜੀਤ ਪ੍ਰਿੰਸ ਦੀ ਅਗਵਾਈ ’ਚ ਯੁਵਾ ਮੋਰਚਾ ਦੇ ਆਗੂਆਂ ਨੇ ਜਲੰਧਰ ਦੇ ਚਾਰੇ ਵਿਧਾਇਕਾਂ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਰਿੰਕੂ ਤੇ ਬਾਵਾ ਹੈਨਰੀ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤੇ। ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂਆਂ ਨੇ ਕੈਪਟਨ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕੀਤੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਪ੍ਰਿਸ ਨੇ ਵਿਧਾਇਕ ਰਾਜਿੰਦਰ ਬੇਰੀ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸੇ ਤਰ੍ਹਾਂ ਵਿਧਾਇਕ ਸੁਸ਼ੀਲ ਰਿੰਕੂ ਤੇ ਵਿਧਾਇਕ ਪਰਗਟ ਸਿੰਘ ਦੇ ਘਰ ਬਾਹਰ ਵੀ ਭਾਜਪਾ ਦੇ ਪੰਜ-ਪੰਜ ਵਰਕਰਾਂ ਨੇ ਧਰਨੇ ਦਿੱਤੇ। ਭਾਜਪਾ ਆਗੂ ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ਪੰਜਾਬ ਸਰਕਾਰ ਤੇ ਖ਼ਾਸ ਕਰਕੇ ਕਾਂਗਰਸੀ ਵਿਧਾਇਕਾਂ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ।

ਗੁਰਦਾਸਪੁਰ, (ਕੇ.ਪੀ. ਸਿੰਘ): ਭਾਰਤੀ ਜਨਤਾ ਯੁਵਾ ਮੋਰਚਾ ਨੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਅਤੇ ਪੀੜਤ ਪਰਿਵਾਰਾਂ ਵੱਲੋਂ ਚਾਰ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਲਗਾਏ ਗਏ ਇਲਜ਼ਾਮਾਂ ਅਤੇ ਇਸ ਮਾਮਲੇ ਵਿੱਚ ਕੈਪਟਨ ਸਰਕਾਰ ਦੀ ਚੁੱਪੀ ਦੇ ਖ਼ਿਲਾਫ਼ ਪੂਰੇ ਪੰਜਾਬ ਵਿੱਚ ਕਾਂਗਰਸੀ ਵਿਧਾਇਕਾਂ ਦੇ ਘਿਰਾਓ ਕੀਤੇ ਜਾਣ ਦਾ ਐਲਾਨ ਕੀਤੀ ਹੈ। ਇਸੇ ਕੜੀ ਤਹਿਤ ਅੱਜ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਦੇ ਬਾਹਰ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਰੁਣ ਸ਼ਰਮਾ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ। ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਰੁਣ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਖ਼ੁਦ ਇਹ ਮੰਤਰਾਲਾ ਹੋਣ ਦੇ ਬਾਵਜੂਦ ਅਜਿਹੀ ਦੁਖਦਾਈ ਘਟਨਾ ਦਾ ਵਾਪਰਨਾ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਚਾਰ ਹਫ਼ਤਿਆਂ ਵਿੱਚ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਊਨ੍ਹਾਂ ਕਿਹਾ ਕਿ ਇਹ ਵਾਅਦਾ ਰਾਜਨੀਤਿਕ ਲਾਭ ਪ੍ਰਾਪਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਸੀ ਤੇ ਅੱਜ ਨਸ਼ਿਆਂ ਕਾਰਨ ਹਰ ਰੋਜ਼ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਅਤੇ ਨਾਲ ਹੀ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ 120 ਲੋਕਾਂ ਦੀ ਮੌਤ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਕਡਾਊਨ ਦੌਰਾਨ ਪੰਜਾਬ ਸਰਕਾਰ ਨੂੰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਕਾਹਲੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All