ਪਾਲ ਸਿੰਘ ਨੌਲੀ
ਜਲੰਧਰ, 1 ਮਈ
ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਵੱਲੋਂ ਸ਼ਹਿਰ ਵਿੱਚ ਸਪੈਸ਼ਲ ਅਪਰੇਸ਼ਨ ਗਰੁੱਪ (ਐਸਓਜੀ) ਦੀ ਕੰਪਨੀ ਨੂੰ ਤਾਇਨਾਤ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਹ ਕੰਪਨੀ ਤਾਇਨਾਤ ਕਰਨ ਦਾ ਮੁੱਖ ਮੰਤਵ ਸ਼ਹਿਰ ਵਿੱਚ ਹਰ ਕੀਮਤ ’ਤੇ ਜੁਰਮਾਂ ’ਤੇ ਕਾਬੂ ਪਾ ਕੇ ਅਮਨ-ਕਾਨੂੰਨ ਨੂੰ ਬਣਾਈ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ। ਇਸ ਕਰ ਕੇ ਸ਼ਹਿਰ ਵਿੱਚ ਵਿਸ਼ੇਸ਼ ਤੌਰ ’ਤੇ ਸਿੱਖਿਅਤ ਅਤੇ ਹਾਈਟੈਕ ਕਮਾਂਡੋ ਤਾਇਨਾਤ ਕੀਤੇ ਗਏ ਹਨ ਜੋ ਸ਼ਹਿਰ ਵਿੱਚ ਨਿਯਮਤ ਤੌਰ ’ਤੇ ਸੰਵੇਦਨਸ਼ੀਲ ਇਲਾਕਿਆਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਹਾਲ ਰੱਖਣ ਲਈ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਦੱਸ ਦਿੱਤਾ ਗਿਆ ਹੈ ਕਿ ਅਮਨ-ਕਾਨੂੰਨ ਨੂੰ ਬਹਾਲ ਰੱਖਣ ਲਈ ਕਿਸੇ ਅਣਗਹਿਲੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਲੋਕਾਂ ਦੀ ਸੇਵਾ ਲਈ ਹੈ ਇਸ ਲਈ ਸਾਰੇ ਅਧਿਕਾਰੀਆਂ ਅਤੇ ਕਰਮੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਸਮਰਪਨ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ।