ਹਤਿੰਦਰ ਮਹਿਤਾਜਲੰਧਰ, 21 ਫਰਵਰੀਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਜਲੰਧਰ ਦੇ ਦੋ ਰੋਜ਼ਾ ਦੌਰੇ ਦੌਰਾਨ ਜ਼ਿਲ੍ਹੇ ਵਿੱਚ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਨਵਾਂ ਪਿੰਡ ਅਰਾਈਆ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਸਿੱਧਵਾਂ, ਸਰਕਾਰੀ ਐਲੀਮੈਂਟਰੀ ਸਕੂਲ, ਕਾਕੀ ਪਿੰਡ ਬਲਾਕ ਪੂਰਬੀ, ਸਰਕਾਰੀ ਪ੍ਰਾਇਮਰੀ ਸਕੂਲ, ਦਕੋਹਾ ਅਤੇ ਸ਼ਹੀਦ ਦਲਜੀਤ ਸਿੰਘ ਸਰਕਾਰੀ ਸਕੂਲ, ਦਕੋਹਾ ਤੋਂ ਇਲਾਵਾ ਆਂਗਣਵਾੜੀ ਸੈਂਟਰ ਦਕੋਹਾ, ਕਾਕੀ ਪਿੰਡ, ਸਿੱਧਵਾਂ, ਨਵਾਂ ਪਿੰਡ ਅਰਾਈਆ ਅਤੇ ਮੁਹੱਲਾ ਗੁਰੂ ਨਾਨਕ ਪੁਰਾ ਨਕੋਦਰ, ਰੇਲਵੇ ਰੋਡ ਨਕੋਦਰ ਅਤੇ ਪਿੰਡ ਡਰੋਲੀ ਵਿੱਚ ਰਾਸ਼ਨ ਡਿੱਪੂਆਂ ਦਾ ਨਿਰੀਖਣ ਕੀਤਾ ਗਿਆ।ਧਾਲੀਵਾਲ ਨੇ ਉਕਤ ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਿੱਤੇ ਰਹੇ ਖਾਣੇ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਅਨਾਜ ਭੰਡਾਰ ਘਰਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਮਿਡ-ਡੇਅ ਮੀਲ ਦੀ ਗੁਣਵੱਤਾ ਯਕੀਨੀ ਬਣਾਉਣ, ਰਾਸ਼ਨ ਨੂੰ ਸੁਰੱਖਿਅਤ ਢੰਗ ਨਾਲ ਰੱਖਣ ਅਤੇ ਰਸੋਈਆਂ, ਜਿਥੇ ਮਿਡ-ਡੇਅ ਮੀਲ ਤਿਆਰ ਕੀਤਾ ਜਾਂਦਾ ਹੈ, ਨੂੰ ਸਾਫ਼-ਸੁਥਰਾ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਇਸ ਉਪਰੰਤ ਉਨ੍ਹਾਂ ਵੱਲੋਂ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕਰ ਕੇ ਲਾਭਪਾਤਰੀਆਂ ਅਤੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਲਾਭ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਚੈਕਿੰਗ ਦੌਰਾਨ ਪਾਇਆ ਗਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਸਾਮਾਨ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਸੀ। ਨਿਰੀਖਣ ਦੌਰਾਨ ਆਂਗਣਵਾੜੀ ਕੇਂਦਰਾਂ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ। ਇਸ ਤੋਂ ਬਾਅਦ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਰਾਸ਼ਨ ਡਿੱਪੂਆਂ ਵਿੱਚ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਅਤੇ ਡਿੱਪੂਆਂ ਰਾਹੀਂ ਕਣਕ ਦੀ ਵੰਡ ’ਤੇ ਤਸੱਲੀ ਪ੍ਰਗਟ ਕੀਤੀ। ਇਸ ਦੌਰਾਨ ਉਨ੍ਹਾਂ ਲਾਭਪਾਤਰੀਆਂ ਨੂੰ ਪੰਜਾਬ ਸਟੇਟ ਫੂਡ ਕਮਿਸ਼ਨ ਦੀ ਹੈਲਪਲਾਈਨ ਬਾਰੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੱਸਿਆ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਲਈ ਈਮੇਲ ਹੈਲਪਲਾਈਨ ਨੰਬਰ 98767-64545 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਦਰਜ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।