ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸਾਂਝੇ ਅਧਿਆਪਕ ਮੋਰਚੇ ਨੇ 8 ਦਸੰਬਰ ਨੂੰ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਚੋਣ ਹਲਕੇ ਜਲੰਧਰ ਵਿਚ ਸੂਬਾਈ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਉਸੇ ਦਿਨ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮੁਜ਼ਾਹਰੇ ਦੀ ਰੂਪ ਰੇਖਾ ਉਲੀਕਣ ਸਬੰਧੀ ਸੂਬਾ ਕਨਵੀਨਰ ਜਸਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ 2 ਅਤੇ 3 ਦਸੰਬਰ ਨੂੰ ਸਾਂਝੇ ਅਧਿਆਪਕ ਮੋਰਚੇ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਆਪਕ ਤਿਆਰੀਆਂ ਆਰੰਭਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿੱਖਿਆ ਮੰਤਰੀ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਾਂਝੇ ਅਧਿਆਪਕ ਮੋਰਚੇ ਦੇ ਸੂਬਾਈ ਕਨਵੀਨਰਾਂ ਬਲਜੀਤ ਸਿੰਘ ਸਲਾਣਾ, ਵਿਕਰਮ ਦੇਵ ਸਿੰਘ, ਸੁਖਵਿੰਦਰ ਸਿੰਘ ਚਾਹਲ, ਹਰਵਿੰਦਰ ਸਿੰਘ ਬਿਲਗਾ ਅਤੇ ਸੂਬਾਈ ਆਗੂਆਂ ਸੁਰਿੰਦਰ ਕੁਮਾਰ ਪੁਆਰੀ ਨੇ 8 ਦਸੰਬਰ ਨੂੰ ‘ਚੱਲੋ ਜਲੰਧਰ’ ਦੇ ਨਾਅਰੇ ਤਹਿਤ ਅਧਿਆਪਕਾਂ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਰੋਸ ਰੈਲੀ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ।