ਪਾਲ ਸਿੰਘ ਨੌਲੀ
ਜਲੰਧਰ, 24 ਫਰਵਰੀ
ਇੱਥੇ ਵੱਖ-ਵੱਖ ਜਥੇਬੰਦੀਆਂ ਨੇ ਅੱਜ ਨੌਦੀਪ ਕੌਰ ਸਮੇਤ ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ’ਚ ਬੰਦ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ। ਜਥੇਬੰਦੀਆਂ ਨੇ ਇਹ ਮੰਗ ਵੀ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਵਿਰੁੱਧ ਦਰਜ ਕੀਤੇ ਗਏ ਝੂਠੇ ਕੇਸ ਰੱਦ ਕਰਨ ਕੀਤੇ ਜਾਣ ਅਤੇ ਦਲਿਤ ਲੜਕੀਆਂ ਨਾਲ ਵਾਪਰੇ ਉਨਾਓ ਜਬਰ-ਜਨਾਹ, ਕਤਲ ਦੇ ਕਸੂਰਵਾਰਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਇਸ ਤੋਂ ਪਹਿਲਾਂ ਇਹ ਧਰਨਾਕਾਰੀ ਦੇਸ਼ ਭਗਤ ਯਾਦਗਾਰ ਹਾਲ ਵਿੱਚ ਇਕੱਠੇ ਹੋਏ। ਇਥੋਂ ਮੁਜ਼ਾਹਰਾ ਕਰਦਿਆਂ ਉਨ੍ਹਾਂ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ।
ਆਗੂਆਂ ਨੇ ਕਿਹਾ ਕਿ ਅੱਜ ਸਾਰੇ ਦੇਸ਼ ਵਿੱਚ ਜਬਰ ਵਿਰੋਧੀ ਦਿਨ ਮਨਾਉਂਦਿਆਂ ਜ਼ਿਲ੍ਹਾ ਅਤੇ ਤਹਿਸੀਲ ਅਧਿਕਾਰੀਆਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ’ਚ ਸ਼ਾਮਲ ਕਿਸਾਨਾਂ ਨੂੰ ਡਰਾਉਣ ਧਮਕਾਉਣ ਅਤੇ ਕੇਸਾਂ ਵਿੱਚ ਉਲਝਾਉਣ ਲਈ ਦਿੱਲੀ ਪੁਲੀਸ, ਐੱਨਆਈਏ ਅਤੇ ਹੋਰ ਸਰਕਾਰੀ ਏਜੰਸੀਆਂ ਵੱਲੋਂ ਭੇਜੇ ਜਾ ਰਹੇ ਨੋਟਿਸ ਫੌਰੀ ਬੰਦ ਕੀਤੇ ਜਾਣ ਅਤੇ ਪਹਿਲਾਂ ਭੇਜੇ ਗਏ ਨੋਟਿਸ ਰੱਦ ਕੀਤੇ ਜਾਣ।
ਪੱਟੀ (ਬੇਅੰਤ ਸਿੰਘ ਸੰਧੂ): ਦਿੱਲੀ ਸੰਯੁਕਤ ਮੋਰਚੇ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਅਗਵਾਈ ਹੇਠ ਐੱਸਡੀਐੱਮ ਪੱਟੀ ਨੂੰ ਮੰਗ ਪੱਤਰ ਸੌਂਪਿਆ। ਸ੍ਰੀ ਕੋਟ ਬੁੱਢਾ ਨੇ ਦੱਸਿਆ ਕਿ ਸਰਕਾਰਾਂ ਵੱਲੋਂ ਝੂਠੇ ਕੇਸ ਬਣਾ ਕੇ ਸੈਂਕੜੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਨਿਰਦੋਸ਼ ਕਿਸਾਨਾਂ ਨੂੰ ਰਿਹਾਅ ਕਰ ਕੇ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਭਿੱਖੀਵਿੰਡ (ਨਰਿੰਦਰ ਸਿੰਘ): ਅੱਜ ਭਿੱਖੀਵਿੰਡ ਵਿਚ ਜਮੂਹਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ ਅਤੇ ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੱਧੂ ਅਤੇ ਸਾਥੀਆਂ ਵੱਲੋਂ ਜਬਰ ਵਿਰੋਧੀ ਦਿਵਸ ‘ਤੇ ਰਾਸ਼ਟਰਪਤੀ ਨੂੰ ਭੇਜਿਆ ਜਾਣ ਵਾਲਾ ਮੰਗ ਪੱਤਰ ਭਿੱਖੀਵਿੰਡ ਦੇ ਤਹਿਸੀਲਦਾਰ ਅਜੈਪਾਲ ਸ਼ਰਮਾ ਨੂੰ ਦਿੱਤਾ।
ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਨੌਜਵਾਨਾਂ ’ਤੇ ਦਰਜ ਕੇਸ ਰੱਦ ਕਰਵਾਉਣ ਲਈ ਨੇੜਲੇ ਪਿੰਡ ਦਾਰਾਪੁਰ ਤੋਂ ਸਿੱਖ ਯੂਥ ਆਫ ਪੰਜਾਬ ਦੀ ਅਗਵਾਈ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ, ਨਰੈਣ ਸਿੰਘ ਚੌੜਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਤਿੰਦਰਬੀਰ ਪੰਨੂ, ਸਤਵੀਰ ਸਿੰਘ ਅਤੇ ਹਰਪਾਲ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੋਟਰਸਾਈਕਲ ਰੈਲੀ ਦਾ ਮੁੱਖ ਮਕਸਦ ਨੌਦੀਪ ਕੌਰ ਸਣੇ ਹੋਰ ਨੌਜਵਾਨਾਂ ’ਤੇ ਪਾਏ ਝੂਠੇ ਪਰਚੇ ਰੱਦ ਕਰਵਾਉਣਾ ਹੈ।
ਜੰਡਿਆਲਾ ਗੁਰੂ (ਸਿਮਰਤ ਪਾਲ ਸਿੰਘ ਬੇਦੀ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਬਰ ਵਿਰੋਧੀ ਦਿਹਾੜਾ ਮਨਾਉਂਦੀਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਤੇ ਲਖਵਿੰਦਰ ਸਿੰਘ ਵਰਿਆਮ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੂੰ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ ਉੱਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ।
ਜੰਡਿਆਲਾ ਗੁਰੂ ਵਿਚ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ ਹਰਿੰਦਰਪਾਲ ਸਿੰਘ, ਕੁਲਬੀਰ ਸਿੰਘ ਚਮਿਆਰੀ ਦੀ ਅਗਵਾਈ ਵਿੱਚ 154ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਮੌਕੇ ਸਵਿੰਦਰ ਸਿੰਘ ਰੂਪੋਵਾਲੀ, ਕਿਰਪਾਲ ਸਿੰਘ ਕਲੇਰਮਾਂਗਟ, ਮੁਖਤਾਰ ਸਿੰਘ ਭਗਵਾ, ਝਿਰਮਲ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਗੁਰਦਾਸਪੁਰ (ਜਤਿੰਦਰ ਬੈਂਸ): ਸਿੱਖ ਯੂਥ ਆਫ ਪੰਜਾਬ ਦੇ ਕਾਰਕੁਨਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਦਿੱਲੀ ਪੁਲੀਸ ਵੱਲੋਂ ਗ੍ਰਿਫਤਾਰ ਕਿਸਾਨਾਂ ਤੇ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਕਿਹਾ ਕਿ ਪ੍ਰਦਰਸ਼ਨਾਂ ਰਾਹੀਂ ਸਰਕਾਰ ਨੂੰ ਸੁਨੇਹਾ ਹੈ ਕਿ ਨੌਜਵਾਨ ਸਰਕਾਰੀ ਜਬਰ ਤੋਂ ਡਰਨ ਵਾਲੇ ਨਹੀਂ ਹਨ।
ਇਸੇ ਤਰ੍ਹਾਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ ਡੀਸੀ ਗੁਰਦਾਸਪੁਰ ਨੂੰ ਮਿਲਿਆ ਤੇ ਮੰਗ ਪੱਤਰ ਦੇ ਕੇ ਸ਼ਹੀਦ ਕਿਸਾਨ ਜਾਗੀਰ ਸਿੰਘ ਦੇ ਪਰਿਵਾਰ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਗਈ। ਪਿੰਡ ਨਰਪੁਰ ਵਾਸੀ ਕਿਸਾਨ ਜਾਗੀਰ ਸਿੰਘ ਬੀਤੇ ਦਿਨੀਂ ਦਿੱਲੀ ਮੋਰਚੇ ਲਈ ਜਾਂਦੇ ਸਮੇਂ ਰਸਤੇ ਵਿੱਚ ਵਾਪਰੇ ਹਾਦਸੇ ਦੌਰਾਨ ਸ਼ਹੀਦ ਹੋ ਗਏ ਸਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਕਿਸਾਨਾਂ ਤੇ ਮਜ਼ਦੂਰਾਂ ਨੇ ਕਾਰਪੋਰੇਟ ਦਫ਼ਤਰਾਂ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਜਬਰ ਵਿਰੋਧੀ ਦਿਵਸ ਮਨਾਇਆ। ਇਸ ਦੌਰਾਨ ਰੋਸ ਮਜ਼ਾਹਰਾ ਕੀਤਾ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਝੂਠੇ ਕੇਸ ਬਣਾ ਕੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਦਿੱਲੀ ਸਰਹੱਦ ’ਤੇ ਲਾਈਆਂ ਰੋਕਾਂ ਹਟਾਈਆਂ ਜਾਣ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਲਏ ਜਾਣ। ਅੱਜ ਧਰਨੇ ਦੇ 105ਵੇਂ ਦਿਨ ਕਿਸਾਨ ਆਗੂਆਂ ਗੁਰਮੇਸ਼ ਸਿੰਘ, ਮਾਸਟਰ ਹਰਕੰਵਲ ਸਿੰਘ, ਜਗਤਾਰ ਸਿੰਘ ਭਿੰਡਰ, ਓਮ ਸਿੰਘ ਸਟਿਆਣਾ, ਗੁਰਨਾਮ ਸਿੰਘ ਸਿੰਗੜੀਵਾਲਾ, ਮਾਸਟਰ ਦਵਿੰਦਰ ਸਿੰਘ ਕੱਕੋਂ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਮਲਕੀਤ ਸਿੰਘ ਆਦਿ ਸੰਬੋਧਨ ਕੀਤਾ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਵੱਲੋਂ ਹੱਕਾਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਗੁਰਾਇਆ (ਨਰਿੰਦਰ ਸਿੰਘ ਧੋਥੜ): ਪੰਜਾਬ ਲੀਗ ਸਿਡਨੀ ਆਸਟਰੇਲੀਆ ਦੇ ਸਹਿਯੋਗ ਨਾਲ ਪਿੰਡ ਪੱਦੀ ਜਗੀਰ ਵਾਸੀਆਂ ਨੇ ਦਿੱਲੀ ’ਚ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਦੀਆਂ 700 ਪੇਟੀਆਂ, ਤਿੰਨ ਕੁਇੰਟਲ ਗੁੜ ਅਤੇ ਦਵਾਈਆਂ ਇਕ ਟਰੱਕ ਵਿਚ ਰਵਾਨਾ ਕੀਤੀਆਂ।
ਇਸੇ ਤਰ੍ਹਾਂ ਪਿੰਡ ਰੁੜਕਾ ਕਲਾਂ ਦੇ ਦੇਸ਼ ਭਗਤ ਯਾਦਗਾਰ ਹਾਲ ’ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚਾਚਾ ਅਜੀਤ ਸਿੰਘ ਦਾ 140ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਬਨਾਰਸੀ ਦਾਸ ਤੇ ਜਸਬੀਰ ਸਿੰਘ ਭੋਲੀ ਸਣੇ ਹੋਰ ਆਗੂਆਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਕਰਨ ਦੀ ਰੂਪ ਰੇਖਾ ਵੀ ਪੇਸ਼ ਕੀਤੀ।
ਨਵਾਂਸ਼ਹਿਰ (ਲਾਜਵੰਤ ਸਿੰਘ): ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੀਆਂ ਜੇਲ੍ਹਾਂ ਵਿਚ ਬੰਦ ਕਿਸਾਨਾਂ, ਨੌਜਵਾਨਾਂ, ਮਜ਼ਦੂਰ ਆਗੂਆਂ, ਸਮਾਜਿਕ ਕਾਰਕੁਨਾਂ ਦੀ ਰਿਹਾਈ ਤੇ ਪੁਲੀਸ ਕੇਸ ਰੱਦ ਕਰਾਉਣ ਲਈ ਕਾਨਫਰੰਸ ਅਤੇ ਮੁਜ਼ਾਹਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਦਿੱਤਾ ਗਿਆ।
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਉਪਰੰਤ ਐੱਸਡੀਐੱਮ ਦਫ਼ਤਰ ਅੱਗੇ ਰੋਸ ਰੈਲੀ ਕਰ ਕੇ ਰਾਸ਼ਟਰਪਤੀ ਲਈ ਮੰਗ ਪੱਤਰ ਭੇਜਿਆ ਗਿਆ।
ਕਿਸਾਨਾਂ-ਮਜ਼ਦੂਰਾਂ ਵੱਲੋਂ ਟਰੈਕਟਰ ਮਾਰਚ
ਬਲਾਚੌਰ (ਸੁਭਾਸ਼ ਜੋਸ਼ੀ): ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਸ਼ਹਿਰ ਦੇ ਸਿਆਣਾ ਰੋਡ ਰਾਜਿੰਦਰਾ ਪੈਟਰੋਲ ਪੰਪ ਤੋਂ ਵੱਡੀ ਗਿਣਤੀ ਕਿਸਾਨਾਂ-ਮਜ਼ਦੂਰਾਂ ਵੱਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।