ਨਿੱਜੀ ਪੱਤਰ ਪ੍ਰੇਰਕ
ਜਲੰਧਰ, 25 ਜਨਵਰੀ
ਜਲੰਧਰ ਛਾਉਣੀ ਤੋਂ ਕਾਂਗਰਸੀ ਉਮੀਦਵਾਰ ਕੈਬਨਿਟ ਮੰਤਰੀ ਪਰਗਟ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ। ਉਹ ਪਿਛਲੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਹਵਾਲਾ ਦੇ ਕੇ ਵੋਟਾਂ ਮੰਗ ਰਹੇ ਹਨ। ਛਾਉਣੀ ਹਲਕੇ ਦੇ ਇੱਕ ਪਿੰਡ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਹਰ ਨਾਗਰਿਕ ਚਾਹੁੰਦਾ ਹੈ ਕਿ ਉਹ ਨੂੰ ਆਪਣੇ ਜੀਵਨ ਵਿੱਚ ਬੇਹਤਰੀਨ ਸਹੂਲਤਾਂ ਮਿਲਣ। ਇਸੇ ਨੂੰ ਮੁੱਖ ਰੱਖ ਕੇ ਉਨ੍ਹਾਂ ਵੱਲੋਂ ਜਲੰਧਰ ਛਾਉਣੀ ਹਲਕੇ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਗਰਾਂਟਾਂ ਦੀ ਵੱਡੀ ਰਕਮ ਲਿਆ ਕੇ ਦਿੱਤੀ ਗਈ ਹੈ ਅਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਭਵਿੱਖ ਵਿੱਚ ਹੋਰ ਵੀ ਬਿਹਤਰ ਤਰੀਕੇ ਨਾਲ ਲੋਕਾਂ ਦੀ ਸੇਵਾ ਕਰਨਗੇ। ਪਰਗਟ ਸਿੰਘ ਨੇ ਕਿਹਾ ਕਿ ਉਹ ਇਕ ਪਿੰਡ ਦੇ ਜੰਮਪਲ ਹਨ ਅਤੇ ਉਹ ਜਾਣਦੇ ਹਨ ਕਿ ਪਿੰਡਾਂ ਦੇ ਲੋਕਾਂ ਨੂੰ ਕਿਹੜਿਆਂ ਹਾਲਾਤਾਂ ਵਿਚੋਂ ਲੰਘਣਾ ਪੈਂਦਾ ਹੈ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜਿੰਨਾ ਵਿਕਾਸ ਪਿਛਲੇ ਪੰਜ ਸਾਲਾਂ ਵਿੱਚ ਹੋਇਆ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ।