ਯੁੱਧ ਨਸ਼ਿਆਂ ਦੇ ਵਿਰੁੱਧ: ਜਲੰਧਰ ਪੁਲੀਸ ਵੱਲੋਂ 13 ਥਾਵਾਂ ’ਤੇ ਛਾਪੇ
ਹਤਿੰਦਰ ਮਹਿਤਾ
ਜਲੰਧਰ, 9 ਮਾਰਚ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਏਡੀਜੀਪੀ ਤਕਨੀਕੀ ਸੇਵਾਵਾਂ ਰਾਮ ਸਿੰਘ, ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸ਼ਹਿਰ ਵਿੱਚ 13 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਏਡੀਜੀਪੀ ਰਾਮ ਸਿੰਘ ਨੇ ਨਿੱਜੀ ਤੌਰ ’ਤੇ ਇਸ ਜਾਂਚ ਦੀ ਨਿਗਰਾਨੀ ਕੀਤੀ। ਉਨ੍ਹਾਂ ਕਿਹਾ ਕਿ ਤਾਲਮੇਲ ਵਾਲੇ ਯਤਨਾਂ ਨੂੰ ਲੋੜੀਂਦੇ ਪੁਲੀਸ ਕਰਮਚਾਰੀਆਂ ਦੀ ਤਾਇਨਾਤੀ ਅਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਨਾਲ ਅੰਜ਼ਾਮ ਦਿੱਤਾ ਗਿਆ। ਇਸ ਅਪਰੇਸ਼ਨ ਵਿੱਚ ਖ਼ੁਫ਼ੀਆ ਜਾਣਕਾਰੀ ਤੇ ਜਨਤਕ ਸ਼ਿਕਾਇਤਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ। ਇਸ ਕਾਰਵਾਈ ਤਹਿਤ ਸ਼ਹਿਰ ਦੇ ਥਾਣਿਆਂ ਵਿੱਚ 15 ਕੇਸ ਦਰਜ ਕੀਤੇ ਗਏ ਹਨ। ਨਸ਼ਾ ਤਸਕਰੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 18 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਵਸੇਬਾ ਕੇਂਦਰ ਭੇਜਿਆ ਗਿਆ ਹੈ। ਇਸ ਦੌਰਾਨ ਪੁਲੀਸ ਨੇ 96.7 ਗ੍ਰਾਮ ਹੈਰੋਇਨ, 746 ਨਸ਼ੇ ਦੀਆਂ ਗੋਲੀਆਂ, 24 ਬੋਤਲਾਂ ਸ਼ਰਾਬ, ਇੱਕ ਪਿਸਤੌਲ, ਦੋ ਮੈਗਜ਼ੀਨ, ਦੋ ਕਾਰਤੂਸ ਬਰਾਮਦ ਕੀਤੇ ਹਨ।
ਏਡੀਜੀਪੀ ਰਾਮ ਸਿੰਘ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੈੱਟਵਰਕ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਭਰੋਸਾ ਦਿੱਤਾ ਕਿ ਪੁਲੀਸ ਫੋਰਸ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਲਈ ਨਿਰੰਤਰ ਕੰਮ ਕਰੇਗੀ। ਉਨ੍ਹਾਂ ਨੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿੱਚ ਲੱਗੇ ਵਿਅਕਤੀਆਂ ਨੂੰ ਚਿਤਾਵਨੀ ਵੀ ਦਿੱਤੀ ਕਿ ਅਗਲੇ ਦਿਨਾਂ ਵਿੱਚ ਕਾਰਵਾਈ ਹੋਰ ਵੀ ਤੇਜ਼ ਹੋਵੇਗੀ। ਜਨਤਕ ਸਹਿਯੋਗ ਦੀ ਮੰਗ ਕਰਦੇ ਹੋਏ ਅਧਿਕਾਰੀ ਨੇ ਨਾਗਰਿਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਨਸ਼ਾ ਤਸਕਰੀ ਨਾਲ ਸਬੰਧਤ ਸ਼ੱਕੀ ਗਤੀਵਿਧੀਆਂ ਦੀ ਰਿਪੋਰਟ ਅਧਿਕਾਰੀਆਂ ਨੂੰ ਕਰਨ ਲਈ ਕਿਹਾ। ਉਨ੍ਹਾਂ ਇਹ ਭਰੋਸਾ ਵੀ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਫਗਵਾੜਾ ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ
ਫਗਵਾੜਾ (ਜਸਬੀਰ ਸਿੰਘ ਚਾਨਾ): ਫਗਵਾੜਾ ਪੁਲੀਸ ਨੇ ਅੱਜ ਸਬ-ਡਿਵੀਜ਼ਨ ’ਚ ਵੱਖ ਵੱਖ ਥਾਵਾਂ ’ਤੇ ਐੱਸਪੀ ਰੁਪਿੰਦਰ ਭੱਟੀ ਦੀ ਅਗਵਾਈ ’ਚ ਚੈਕਿੰਗ ਕੀਤੀ। ਸਿਟੀ ਪੁਲੀਸ ਵੱਲੋਂ ਛੱਜ ਕਲੋਨੀ, ਸਦਰ ਪੁਲੀਸ ਵੱਲੋਂ ਵਜੀਦੋਵਾਲ, ਸਤਨਾਮਪੁਰਾ ਪੁਲੀਸ ਵੱਲੋਂ ਕ੍ਰਿਪਾਲਪੁਰ ਅਤੇ ਲਾਅ ਗੇਟ ’ਤੇ, ਰਾਵਲਪਿੰਡੀ ਪੁਲੀਸ ਵੱਲੋਂ ਲੱਖਪੁਰ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਸ਼ੱਕੀਆਂ ਕੋਲੋਂ ਪੁੱਛਗਿੱਛ ਕੀਤੀ ਗਈ। ਐੱਸਪੀ ਨੇ ਦੱਸਿਆ ਕਿ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਮੁਹਿੰਮ ਚਲਾਈ ਜਾ ਰਹੀ ਹੈ। ਕਿਸੇ ਵੀ ਗ਼ਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।