ਪੱਤਰ ਪ੍ਰੇਰਕ
ਜਲੰਧਰ, 1 ਜੂਨ
ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਮੇਤ ਸਥਾਨਕ ਸਰਕਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸ਼ਹਿਰ ਦੇ ਵਿਕਾਸ ਨੂੰ ਉਚ ਲੀਹਾਂ ‘ਤੇ ਪਾਉਣ ਲਈ ਜਲੰਧਰ ਵਿੱਚ ਕਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਅਤੇ ਬਹੁਤ ਜਲਦ ਹੀ ਸਭ ਨੂੰ ਇਹ ਜ਼ਾਹਿਰ ਹੋ ਜਾਵੇਗਾ ਕਿ ਸਰਕਾਰ ਜਲੰਧਰ ਸ਼ਹਿਰ ਲਈ ਵੱਡੇ ਪ੍ਰਾਜੈਕਟ ਸੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਪਹਿਲਾਂ ਕੈਬਨਿਟ ਮੰਤਰੀ ਨੂੰ ਸਥਾਨਕ ਸਰਕਟ ਹਾਊਸ ਪਹੁੰਚਣ ‘ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਜਦਕਿ ਡੀਸੀ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਲੰਧਰ ਜ਼ਿਲ੍ਹੇ ਨੂੰ ਪੰਜਾਬ ਕੈਬਨਿਟ ਵਿੱਚ ਥਾਂ ਦਿੱਤੀ ਗਈ ਹੈ, ਜਿਸ ਸਦਕਾ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।