ਬਦਾਯੂੰ (ਯੂਪੀ), 6 ਮਈ
ਬਸਪਾ ਮੁਖੀ ਮਾਇਆਵਤੀ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ਦੇ ਦੋਸ਼ ਹੇਠ ਸਮਾਜਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼ਿਵਪਾਲ ਸਿੰਘ ਯਾਦਵ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਕਾਸ਼ ਤਿਆਗੀ ਦੀ ਸ਼ਿਕਾਇਤ ’ਤੇ ਸ਼ਿਵਪਾਲ ਯਾਦਵ ਖ਼ਿਲਾਫ਼ ਐਤਵਾਰ ਦੇਰ ਰਾਤ ਕੇਸ ਦਰਜ ਕੀਤਾ ਗਿਆ ਹੈ। ਸ਼ਿਵਪਾਲ ਦੇ ਪੁੱਤਰ ਆਦਿੱਤਿਆ ਯਾਦਵ ਬਦਾਯੂੰ ਲੋਕ ਸਭਾ ਸੀਟ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਹਨ। ਤਿਆਗੀ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਵੀਡੀਓ ਵਿੱਚ ਸ਼ਿਵਪਾਲ ਨੇ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਖ਼ਿਲਾਫ਼ ਅਪਮਾਨਜਨਕ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕੌਮੀ ਮਹਿਲਾ ਕਮਿਸ਼ਨ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ। -ਪੀਟੀਆਈ