ਚੰਡੀਗੜ੍ਹ (ਦਵਿੰਦਰ ਪਾਲ): ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਿੱਚੋਂ 16 ਯੂਨੀਅਨਾਂ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸਿਆਸੀ ਮੰਚ ਸੰਯੁਕਤ ਸਮਾਜ ਮੋਰਚੇ (ਐੱਸਐੱਸਐੱਮ) ਨਾਲੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ 16 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੂਸਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ਵਿੱਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ ਜਗਮੋਹਨ ਸਿੰਘ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਰਮਿੰਦਰ ਸਿੰਘ ਪਟਿਆਲਾ ’ਤੇ ਅਧਾਰਿਤ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ।
ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐੱਮਐੱਸਪੀ ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪਰੈਲ ਤੱਕ ਮਨਾਏ ਜਾ ਰਹੇ ਪ੍ਰਚਾਰ ਹਫ਼ਤੇ ਨੂੰ ਲਾਗੂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਉਨ੍ਹਾਂ ਬਾਕੀ ਕਿਸਾਨ ਆਗੂਆਂ ਨੂੰ ਵੀ ਸਿਆਸੀ ਤੌਰ ’ਤੇ ਸੰਯੁਕਤ ਸਮਾਜ ਮੋਰਚੇ ਵਿੱਚ ਸਰਗਰਮ ਰਹਿਣ ਦੇ ਆਪਣੇ ਫ਼ੈਸਲੇ ਨੂੰ ਮੁੜ-ਵਿਚਾਰ ਕਰਨ ਦੀ ਅਪੀਲ ਵੀ ਕੀਤੀ।
ਇੱਕ ਬਿਆਨ ਰਾਹੀਂ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਮੀਟਿੰਗ ਵਿੱਚ ਨੌਂ ਕਿਸਾਨ ਜਥੇਬੰਦੀਆਂ ਦੀ ਅਪੀਲ ਉੱਪਰ ਹੁੰਗਾਰਾ ਭਰਦਿਆਂ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸਿਆਸੀ ਮੰਚ ‘ਸੰਯੁਕਤ ਸਮਾਜ ਮੋਰਚੇ’ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਆਪਣੇ-ਆਪ ਨੂੰ ਜਨਤਕ ਕਿਸਾਨ ਜਥੇਬੰਦੀਆਂ ਵਜੋਂ ਵਿਚਰਨ ਦਾ ਪ੍ਰਣ ਦੁਹਰਾਉਂਦਿਆਂ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਉਪਰਾਲੇ ਕਰਨ ਦਾ ਫ਼ੈਸਲਾ ਲਿਆ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਸੰਯੁਕਤ ਸਮਾਜ ਮੋਰਚੇ ਨੇ ਕੋਰ ਕਮੇਟੀ ਦਾ ਗਠਨ ਕਰਕੇ ਸੂਬੇ ਵਿੱਚ ਸਿਆਸੀ ਗਤੀਵਿਧੀਆਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਸੀ ਤੇ ਅੱਜ ਕਿਸਾਨ ਜਥੇਬੰਦੀਆਂ ਨੇ ਐੱਸਐੱਸਐੱਮ ਤੋਂ ਦੂਰੀ ਬਣਾ ਲਈ ਹੈ। ਮਨਜੀਤ ਸਿੰਘ ਰਾਏ ਨੇ ਕਿਹਾ ਕਿ ਨੌਂ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾ ਚੁੱਕੀਆਂ ਸਨ, ਅੱਜ 7 ਹੋਰ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ ਦਾ ਫ਼ੈਸਲਾ ਕੀਤਾ ਹੈ।
ਮੀਟਿੰਗ ਵਿੱਚ ਖੇਤੀ ਮੋਟਰਾਂ ਦੇ ਨਾਲ-ਨਾਲ ਆਮ ਤੌਰ ’ਤੇ ਬਿਜਲੀ ਕੱਟਾਂ ਕਾਰਨ ਬਿਜਲੀ ਸਪਲਾਈ ਦੀ ਹੋ ਰਹੀ ਮਾੜੀ ਹਾਲਤ ਉੱਪਰ ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇ ਕੇ ਖੇਤੀ ਮੋਟਰਾਂ ਨੂੰ ਛੇ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਬੀਕੇਯੂ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਬੀਕੇਯੂ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ, ਜਮਹੂਰੀ ਕਿਸਾਨ ਸਭਾ ਦੇ ਸਤਨਾਮ ਸਿੰਘ ਅਜਨਾਲਾ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਦੇਵ ਸਿੰਘ ਨਿਹਾਲਗੜ੍ਹ, ਬੀਕੇਯੂ (ਪੰਜਾਬ) ਦੇ ਫੁਰਮਾਨ ਸਿੰਘ ਸੰਧੂ, ਬੀਕੇਯੂ (ਦੋਆਬਾ) ਦੇ ਸਤਨਾਮ ਸਿੰਘ ਸਾਹਨੀ, ਕਿਰਨਜੀਤ ਸਿੰਘ ਸੇਖੋਂ, ਦਵਿੰਦਰ ਸਿੰਘ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ, ਬੂਟਾ ਸਿੰਘ ਸ਼ਾਦੀਪੁਰ, ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ ਸਮੇਤ ਜਗਮੋਹਨ ਸਿੰਘ, ਰਮਿੰਦਰ ਸਿੰਘ ਪਟਿਆਲਾ ਆਦਿ ਸ਼ਾਮਲ ਸਨ।