DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ministers met Dallewal: ਪੰਜਾਬ ਦੇ ਮੰਤਰੀਆਂ ਵੱਲੋਂ ਡੱਲੇਵਾਲ ਨਾਲ ਮੁਲਾਕਾਤ

ਸੰਘਰਸ਼ ਨੂੰ ਜਾਇਜ਼ ਦੱਸਿਆ; ਸੰਘਰਸ਼ ਦੀ ਮਜ਼ਬੂਤੀ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ
  • fb
  • twitter
  • whatsapp
  • whatsapp
featured-img featured-img
‘ਆਪ’ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਦਾ ਵਫ਼ਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਦਾ ਹੋਇਆ।
Advertisement

ਸਰਬਜੀਤ ਸਿੰਘ ਭੰਗੂ /ਗੁਰਨਾਮ ਸਿੰਘ ਚੌਹਾਨ

ਪਟਿਆਲਾ /ਪਾਤੜਾਂ, 25 ਦਸੰਬਰ

Advertisement

ਪੰਜਾਬ ਸਰਕਾਰ ਦੀ ਤਕਰੀਬਨ ਅੱੱਧੀ ਕੈਬਨਿਟ ਨੇ ਅੱਜ ਵਫ਼ਦ ਦੇ ਰੂਪ ’ਚ ਢਾਬੀਗੁੱਜਰਾਂ ਬਾਰਡਰ ਪਹੁੰਚ ਕੇ ਪਿਛਲੇ 30 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਕਰ ਰਹੇ ‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡੱਲੇਵਾਲ ਦੇ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਸੰਘਰਸ਼ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਲਈ ਤਿਆਰ ਹੈ। ਕੈਬਨਿਟ ਮੰਤਰੀ ਹਾਲਾਂਕਿ ਡੱਲੇਵਾਲ ਨੂੰ ਮਰਨ ਵਰਤ ਛੱਡਣ ਲਈ ਮਨਾਉਣ ਵਿੱਚ ਨਾਕਾਮ ਰਹੇ। ਡੱਲੇਵਾਲ ਨੇ ਕੈਬਨਿਟ ਮੰਤਰੀਆਂ ਦੀ ਇਸ ਪੇਸ਼ਕਸ਼ ਨੂੰ ਕੋਰੀ ਨਾਂਹ ਕਰ ਦਿੱਤੀ।

ਅਮਨ ਅਰੋੜਾ ਨੇ ਦੱਸਿਆ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ, ਪਰ ਅਜਿਹੇ ਗੰਭੀਰ ਮੌਕੇ ’ਤੇ ਵੀ ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਨਿੰਦਣਯੋਗ ਹੈ।

ਉਨ੍ਹਾਂ ਦੱਸਿਆ ਕਿ ਵਫ਼ਦ ਨੇ ਡੱਲੇਵਾਲ਼ ਨੂੰ ਬੇਨਤੀ ਕੀਤੀ ਹੈ ਕਿ ਉਹ ਭੁੱਖ ਹੜਤਾਲ ਭਾਵੇਂ ਕਿ ਜਾਰੀ ਰੱਖਣ, ਪਰ ਡਾਕਟਰਾਂ ਨੂੰ ਇਲਾਜ ਦੀ ਆਗਿਆ ਦੇਣ ਤਾਂ ਜੋ ਉਨ੍ਹਾਂ ਦੀ ਕੀਮਤੀ ਜਾਨ ਬਚਾਈ ਜਾ ਸਕੇ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਪੰਜਾਬ ਸਰਕਾਰ ਦਾ ਡੱਲੇਵਾਲ ਨੂੰ ਧਰਨੇ ਵਾਲੀ ਥਾਂ ਤੋਂ ਜਬਰੀ ਚੁੱਕ ਕੇ ਲਿਜਾਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਤਰਕ ਦਿੱਤਾ ਕਿ ਪੰਜਾਬ ਸਰਕਾਰ ਡੱਲੇਵਾਲ ਦੀ ਜਾਨ ਬਚਾਉਣਾ ਚਾਹੁੰਦੀ ਹੈ, ਜਿਸ ਕਰਕੇ ਉਹ ਅੱਜ ਉਨ੍ਹਾਂ ਨੂੰ ਮਰਨ ਵਰਤ ਤਿਆਗਣ ਸਬੰਧੀ ਬੇਨਤੀ ਕਰਨ ਲਈ ਆਏ ਹਨ।

ਡੱਲੇਵਾਲ ਨੂੰ ਮਿਲਣ ਆਏ ਵਫਦ ਵਿੱਚ ਅਮਨ ਅਰੋੜਾ ਤੋਂ ਇਲਾਵਾ ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਲਾਲਜੀਤ ਸਿੰਘ ਭੁੱਲਰ, ਬਰਿੰਦਰ ਕੁਮਾਰ ਗੋਇਲ ਅਤੇ ਤਰਨਜੀਤ ਸਿੰਘ ਸੌਂਧ ਅੱਠ ਮੰਤਰੀਆਂ ਸਮੇਤ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਤੇ ਚੇਅਰਮੈਨ ਰਵੀ ਆਹਲੂਵਾਲੀਆ ਆਦਿ ਵੀ ਮੌਜੂਦ ਸਨ। ਉਂਝ ਮੰਤਰੀਆਂ ਦੀ ਆਮਦ ਤੋਂ ਪਹਿਲਾਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਵੀ ਕੁਝ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤੋਂ ਹਰੀ ਝੰਡੀ ਮਿਲਣ ’ਤੇ ਹੀ ਮੰਤਰੀਆਂ ਦੇ ਆਉਣ ਦਾ ਪ੍ਰੋਗਰਾਮ ਬਣਿਆ। ਮੰਤਰੀਆਂ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਵੀ ਡੱਲੇਵਾਲ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਉਪਰੰਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਸਣੇ ਸਮੁੱਚੀ ਲੋਕਾਈ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਬੇਰੁਖੀ ਨੂੰ ਦੇਖਦਿਆਂ ਇਹ ਸੰਘਰਸ਼ ਲੰਮਾ ਚੱਲ ਸਕਦਾ ਹੈ ਜਿਸ ਦੀ ਅਗਵਾਈ ਲਈ ਡੱਲੇਵਾਲ ਵਰਗੇ ਨੇਤਾ ਦੀ ਵਧੇਰੇ ਲੋੜ ਹੈ। ਉੱਧਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਸਿਹਤ ਪੱਖੋਂ ਡੱਲੇਵਾਲ ਦੀ ਹਾਲਤ ਬਹੁਤ ਨਾਜ਼ੁਕ ਹੈ, ਪਰ ਜੇ ਉਹ ਅੱਜ ਵੀ ਉਨ੍ਹਾਂ ਨੂੰ ਇਲਾਜ ਦੀ ਪ੍ਰਵਾਨਗੀ ਦੇਣ ਤਾਂ ਉਨ੍ਹਾਂ ਨੂੰ ਮੁੜ ਜਲਦੀ ਤੰਦਰੁਸਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖ ਰਹੀਆਂ ਹਨ।

Advertisement
×