ਆਤਿਸ਼ ਗੁਪਤਾ
ਚੰਡੀਗੜ੍ਹ, 6 ਸਤੰਬਰ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਗਿਆਰਾਂ ਮਹੀਨਿਆਂ ਤੋਂ ਟੌਲ ਪਲਾਜ਼ਿਆਂ, ਰੇਲਵੇ ਪਾਰਕਾਂ, ਪੂੰਜੀਪਤੀ ਘਰਾਣਿਆਂ, ਪੈਟਰੋਲ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਜ ਜਾਰੀ ਧਰਨਿਆਂ ’ਚ ਮੁਜ਼ੱਫ਼ਰਨਗਰ ਕਿਸਾਨ ਮਹਾ ਪੰਚਾਇਤ ਤੋਂ ਬਾਅਦ ਨਿਵੇਕਲਾ ਉਤਸ਼ਾਹ ਦੇਖਣ ਨੂੰ ਮਿਲਿਆ। ਅੱਜ ਕਿਸਾਨ ਧਰਨਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਬਾਰੇ ਵਿਚਾਰ-ਚਰਚਾ ਕੀਤੀ ਗਈ। ਕਿਸਾਨ ਜਥੇਬੰਦੀਆਂ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਬੰਦ ਦੇ ਸੱਦੇ ਨੂੰ ਕਾਮਯਾਬ ਬਨਾਉਣ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਭਾਰਤ ਬੰਦ ਦਾ ਸੱਦਾ 25 ਸਤੰਬਰ ਨੂੰ ਦਿੱਤਾ ਸੀ, ਜੋ ਕਿ ਹੁਣ 27 ਸਤੰਬਰ ਨੂੰ ਕਰ ਦਿੱਤਾ ਹੈ। ਮੁਜ਼ੱਫ਼ਰਨਗਰ ਕਿਸਾਨ ਮਹਾ ਪੰਚਾਇਤ ਤੋਂ ਤਿੰਨ ਹਫ਼ਤਿਆਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਸਮਾਗਮ ਉਲੀਕਿਆ ਹੈ। ਇਸ ਨੂੰ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਮਦਦ ਦੇ ਨਾਲ ਕਾਮਯਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਸੰਘਰਸ਼ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ, ਜਿਸ ਵਿੱਚ ਹਰ ਵਰਗ ਦੇ ਲੋਕ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ, ਸ਼ਹਿਰਾਂ ਅਤੇ ਬਲਾਕ ਪੱਧਰ ’ਤੇ ਲੋਕਾਂ ਨਾਲ ਮੀਟਿੰਗਾਂ ਕਰਕੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਵੇਗੀ।
ਕਿਸਾਨ ਧਰਨਿਆਂ ਵਿੱਚ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਮਹਿਲਾ ਪੱਤਰਕਾਰ ਨਾਲ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦੀ ਸੱਚਾਈ ਮੂਹਰੇ ਇਖਲਾਕੀ ਤੌਰ ’ਤੇ ਹਾਰ ਚੁੱਕੀ ਹੈ ਅਤੇ ਇਸ ਦੇ ਆਗੂ ਬੌਖਲਾ ਚੁੱਕੇ ਹਨ ਤੇ ਉਨ੍ਹਾਂ ਨੂੰ ਮਹਿਲਾਵਾਂ ਨਾਲ ਗੱਲ ਕਰਨ ਦਾ ਵੀ ਪਤਾ ਨਹੀਂ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਵੱਲੋਂ ਪਹਿਲਾਂ ਚੰਡੀਗੜ੍ਹ ਵਿੱਚ ਮਹਿਲਾ ਕਿਸਾਨ ਪ੍ਰਦਰਸ਼ਨਕਾਰੀ ਨਾਲ ਵੀ ਬਦਸਲੂਕੀ ਕੀਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਆਗੂ ਮਹਿਲਾ ਪੱਤਰਕਾਰ ਤੋਂ ਜਨਤਕ ਤੌਰ ’ਤੇ ਮੁਆਫੀ ਮੰਗਣ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਇਸ ਸੰਘਰਸ਼ ਨੂੰ ਮੋਦੀ ਸਰਕਾਰ ਪਹਿਲੇ ਦਿਨ ਤੋਂ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੀ ਹੈ ਪਰ ਦੇਸ਼ ਦੇ ਲੋਕਾਂ ਨੇ ਕੇਂਦਰ ਦੀ ਹਰ ਸ਼ਰਾਰਤ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਮੋਦੀ ਸਰਕਾਰ ਦੀ ਹਰ ਸਾਜ਼ਿਸ਼ ਪੁੱਠੀ ਪੈਂਦੀ ਆਈ ਹੈ।