ਹੜ੍ਹ: ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨਾਂ ਲਈ 70 ਤੇ ਮਜ਼ਦੂਰਾਂ ਲਈ 10 ਹਜ਼ਾਰ ਰੁਪਏ ਮੁਆਵਜ਼ਾ ਮੰਗਿਆ
ਸੰਯੁਕਤ ਕਿਸਾਨ ਮੋਰਚੇ ਵਿੱਚ ਪੰਜਾਬ ਚੈਪਟਰ ਦੀਆਂ ਕਿਸਾਨ ਜਥੇਬੰਦੀਆਂ ਦੀ ਪ੍ਰਵਾਨਗੀ ਨਾਲ ਇੱਕ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਸਾਦੀਪੁਰ ਅਤੇ ਬਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹ ਦੇ ਪਾਣੀ ਨੇ ਪੂਰੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਇੱਕ ਹਫ਼ਤਾ ਹੋਰ ਸਾਰਾ ਪੰਜਾਬ ਹਾਈ ਅਲਰਟ ’ਤੇ ਹੈ ਅਤੇ ਇਸ ਨਾਜ਼ੁਕ ਸਥਿਤੀ ਦੇ ਚੱਲਦਿਆਂ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਹੋਏ ਨੁਕਸਾਨ ਦਾ ਵੀ ਢੁੱਕਵਾਂ ਮੁਆਵਜ਼ਾ ਦੇਣ ਤੋਂ ਸਰਕਾਰ ਕੰਨੀ ਕਤਰਾਈ ਸੀ।
ਉਨ੍ਹਾਂ ਕਿਹਾ ਕਿ ਤਬਦੀਲੀ ਦੀ ਆਸ ਲੈਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਵਾਲਾ ਆਵਾਮ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਨਾਲ ਇਕੱਲਿਆਂ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਭਗਵੰਤ ਮਾਨ ਦੀ ਨੂੰ ਪਹਿਲਕਦਮੀ ਲੈਂਦਿਆਂ ਖੁਦ ਚਾਹੀਦਾ ਸੀ, ਉਥੇ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰੇ ਉਤਰਦਿਆਂ ਇਸ ਔਖ ਵੇਲੇ ਉਨ੍ਹਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੜਾਂ ਦੇ ਪਾਣੀ ਕਾਰਨ ਲੋਕਾਂ ਦਾ ਮਾਲ ਡੰਗਰ, ਫ਼ਸਲਾਂ ਅਤੇ ਘਰਾਂ ਦੀ ਤਬਾਹੀ ਕਾਰਨ ਲੋਕ ਬੇਘਰ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਛੇਤੀ ਗਿਰਦਾਵਰੀਆਂ ਕਰਵਾਕੇ ਫਾਸਟ ਟਰੈਕ ਰਾਹੀਂ ਤੁਰੰਤ ਮੁਆਵਜ਼ਾ ਜਾਰੀ ਕਰਨ। ਉਨ੍ਹਾਂ ਦੱਸਿਆ ਕਿ ਹੜਾਂ ਦੇ ਮੱਦੇਨਜ਼ਰ ਪਹਿਲੀ ਸਤੰਬਰ ਨੂੰ ਸੁਲਤਾਨਪੁਰ ਲੋਧੀ ਦੇ ਪ੍ਰੈੱਸ ਕਲੱਬ ਵਿਖੇ ਮੋਰਚੇ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਪੰਜਾਬ ਦੇ ਹਾਲਤਾਂ ਦੇ ਠੋਸ ਹੱਲ ਦੀ ਯੋਜਨਾਬੰਦੀ ਕੀਤੀ ਜਾਵੇਗੀ।